ਕਿਹਾ : ‘ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੰਜਾਬ ’ਚ ਕਿਸ ਮੂੰਹ ਨਾਲ ਮੰਗਣ ਆਏ ਵੋਟਾਂ’
ਤਰਨ ਤਾਰਨ : ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਤਰਨ ਤਾਰਨ ਉਪ ਚੋਣ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਕਿਹੜੇ ਮੂੰਹ ਨਾਲ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਲਈ ਵੋਟਾਂ ਮੰਗਣ ਆਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਾਂਤੀਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀ ਚਲਾਈਆਂ ਗਈਆਂ, ਜਿਸ ਕਾਰਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਤਰਨ ਤਾਰਨ ਉਪ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੂੰ ਢੁਕਵਾਂ ਜਵਾਬ ਦੇਵੇਗੀ।
ਤਰਨਤਾਰਨ ਦੇ ਐਸ.ਐਸ.ਪੀ ਵਿਰੁੱਧ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਵਿਧਾਇਕ ਨੇ ਕਿਹਾ ਕਿ ਤਰਨ ਤਾਰਨ ਉਪ ਚੋਣ ਹੀ ਨਹੀਂ ਸਗੋਂ ਪੰਜਾਬ ਦੀਆਂ ਸਾਰੀਆਂ ਉਪ ਚੋਣਾਂ ਪੁਲਿਸ ਦੀ ਤਾਕਤ ’ਤੇ ਜਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਮੈਂ ਪੰਜਾਬ ਵਿਧਾਨ ਸਭਾ ਵਿੱਚ ਵੀ ਕਿਹਾ ਸੀ ਕਿ ਸੂਬਾ ਪੁਲਿਸ ਰਾਜ ਬਣਦਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਚੋਣ ਕਮਿਸ਼ਨ ਨੂੰ ਬੇਨਤੀ ਕਰਦਾ ਹਾਂ ਕਿ ਤਰਨ ਤਾਰਨ ਚੋਣ ਹੀ ਨਹੀਂ ਸਗੋਂ ਸਾਰੀਆਂ ਚੋਣਾਂ ਨਿਰਪੱਖ ਅਤੇ ਡਰ ਮੁਕਤ ਹੋਣ ਚਾਹੀਦੀਆਂ ਹਨ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਕਾਂਗਰਸ ਅਤੇ ‘ਆਪ’ ’ਤੇ ਕੀਤੀਆਂ ਟਿੱਪਣੀਆਂ ਸਬੰਧੀ ਬੋਲਦਿਆਂ ਪਰਗਟ ਸਿੰਘ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ-ਟੀਮ ਹੈ। ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਨੇ ਹੁਣ ਤੱਕ ਪੰਜਾਬ ਲਈ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਅੰਕੜੇ ਦਰਸਾਉਂਦੇ ਹਨ ਕਿ ਸਰਕਾਰ ਨੇ ਅਜੇ ਤੱਕ 26 ਲੱਖ ਤੋਂ ਵੱਧ ਨੌਕਰੀਆਂ ਨਹੀਂ ਦਿੱਤੀਆਂ ਹਨ। ਜਦਕਿ ਦੇਸ਼ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਹੈ।
