‘'ਆਪ' ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ’ਚ ਅਸਫਲ’
ਫਿਰੋਜ਼ਪੁਰ: ਫਿਰੋਜ਼ਪੁਰ ਛਾਉਣੀ ਵਿੱਚ ਗੋਲਡਨ ਐਰੋ ਡਿਵੀਜ਼ਨ ਵੱਲੋਂ ਆਯੋਜਿਤ ਫਿਰੋਜ਼ਪੁਰ ਬਾਰਡਰ ਮੈਰਾਥਨ 2025 ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਫਲੈਗ ਆਫ ਕਰਨ ਪਹੁੰਚੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ, ਓਲੰਪੀਅਨ ਅਤੇ ਵਿਧਾਇਕ ਪਦਮਸ਼੍ਰੀ ਪਕਗਟ ਸਿੰਘ ਨੇ ਫੌਜ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਦੀ ਲਤ ਵਿੱਚ ਆਪਣੀ ਜਵਾਨੀ ਗੁਆ ਰਹੇ ਨੌਜਵਾਨਾਂ ਨੂੰ ਬਚਾਉਣ ਪ੍ਰਤੀ ਉਦਾਸੀਨ ਹੈ, ਉੱਥੇ ਫੌਜ ਦੇ ਯਤਨ ਹਜ਼ਾਰਾਂ ਨੌਜਵਾਨਾਂ ਨੂੰ ਚੰਗੀ ਸਿਹਤ ਦਾ ਸੰਦੇਸ਼ ਦੇ ਰਹੇ ਹਨ। ਇਹ ਮੈਰਾਥਨ ਸ਼ਹੀਦ ਸੈਨਿਕਾਂ ਦੀ ਸ਼ਹਾਦਤ ਨੂੰ ਵੀ ਸ਼ਰਧਾਂਜਲੀ ਭੇਟ ਕਰਦੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਫੌਜ ਵੱਲੋਂ ਆਯੋਜਿਤ 5 ਅਤੇ 10 ਕਿਲੋਮੀਟਰ ਹਾਫ ਮੈਰਾਥਨ ਨੂੰ ਲੈ ਕੇ ਵੀ ਬਹੁਤ ਉਤਸ਼ਾਹਿਤ ਸਨ। ਅਜਿਹੇ ਯਤਨਾਂ ਰਾਹੀਂ, ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਦੇ ਕਲੰਕ ਤੋਂ ਬਚਾ ਸਕਦੇ ਹਾਂ ਅਤੇ ਦੇਸ਼ ਨੂੰ ਅੱਗੇ ਵਧਾ ਸਕਦੇ ਹਾਂ। ਹੁਸੈਨੀਵਾਲਾ ਸਰਹੱਦ 'ਤੇ ਦੌੜ ਕੇ, ਨੌਜਵਾਨਾਂ ਨੇ ਚੰਗੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕੀਤੀ। ਇਸ ਸਮਾਗਮ ਵਿੱਚ ਫੌਜ ਦੇ ਸੀਨੀਅਰ ਅਧਿਕਾਰੀਆਂ ਅਤੇ ਸਿਆਸਤਦਾਨਾਂ ਨੇ ਵੀ ਹਿੱਸਾ ਲਿਆ।

ਓਲੰਪੀਅਨ ਅਤੇ ਪਦਮਸ਼੍ਰੀ ਪਰਗਟ ਸਿੰਘ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਨੂੰ ਸਰਕਾਰ ਦੇ ਧਿਆਨ ਦੀ ਲੋੜ ਹੈ। ਫਿਰੋਜ਼ਪੁਰ ਸਰਹੱਦ ਦੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸੰਭਾਲ ਦੇ ਨਾਲ-ਨਾਲ ਰੁਜ਼ਗਾਰ ਅਤੇ ਵਿਕਾਸ ਦੀ ਸਖ਼ਤ ਜ਼ਰੂਰਤ ਹੈ। ਮੌਜੂਦਾ ਸਥਿਤੀ ਅਜਿਹੀ ਹੈ ਕਿ ਸਰਹੱਦੀ ਇਲਾਕਿਆਂ ਦੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਅਤੇ ਖੁਦ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਸਰਕਾਰ ਨੂੰ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਇਲਾਕਿਆਂ ਦੇ ਲੋਕਾਂ ਦਾ ਜੀਵਨ ਪੱਧਰ ਬਿਹਤਰ ਹੋ ਸਕੇ। ਤਦ ਹੀ ਨੌਜਵਾਨ ਅਤੇ ਦੇਸ਼ ਤਰੱਕੀ ਕਰ ਸਕਣਗੇ।

ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ "ਯੂੱਧ ਨਸ਼ਿਆਂ ਵਿਰੁੱਧ" ਵਰਗੇ ਨਾਅਰਿਆਂ ਨਾਲ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਹੈ। ਸਰਕਾਰ ਕੁਝ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਦਾ ਦਾਅਵਾ ਕਰਦੀ ਸੀ, ਪਰ ਸੱਚਾਈ ਇਹ ਹੈ ਕਿ ਸਰਹੱਦੀ ਖੇਤਰਾਂ ਵਿੱਚ ਬਹੁਤ ਸਾਰੇ ਨੌਜਵਾਨ ਹਰ ਰੋਜ਼ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ। ਸਰਕਾਰ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਅਸਫਲ ਰਹੀ ਹੈ।

ਪਰਗਟ ਸਿੰਘ ਨੇ ਇਸ ਦੇ ਨਾਲ ਹੀ ਕਿਹਾ- ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। 'ਆਪ' ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ। ਪੰਜਾਬ ਵਿੱਚ ਕਤਲ ਅਤੇ ਗੋਲੀਬਾਰੀ ਆਮ ਹੋ ਗਈ ਹੈ। ਇੱਕ ਵੀ ਦਿਨ ਗੋਲੀਬਾਰੀ ਅਤੇ ਕਤਲਾਂ ਤੋਂ ਬਿਨਾਂ ਨਹੀਂ ਜਾਂਦਾ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਸ਼ਿਆਂ ਦੀ ਦੁਰਵਰਤੋਂ ਅਤੇ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।

