
ਕੈਪਟਨ ਸਰਕਾਰ ਸਮਝੌਤਿਆਂ ਦਾ ਰਿਵਿਊ ਕਰਨ ਲਈ ਹੋਈ ਤਿਆਰ
ਚੰਡੀਗੜ੍ਹ : ਮਹਿੰਗੀ ਬਿਜਲੀ ਨੂੰ ਲੈ ਕੇ ਪੈ ਰਹੇ ਰੌਲੇ-ਰੱਪੇ ਦਰਮਿਆਨ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਟਾਂ ਨਾਲ ਹੋਏ ਸਮਝੌਤਿਆਂ ਦਾ ਰਿਵਿਊ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਸਰਕਾਰ ਨੇ ਉਚ ਅਧਿਕਾਰੀਆਂ ਦੀ ਇਕ ਕਮੇਟੀ ਦਾ ਗਠਨ ਕਰ ਦਿਤਾ ਹੈ। ਸਰਕਾਰ ਦੇ ਇਸ ਕਦਮ ਦੀ ਪੁਸ਼ਟੀ ਖੁਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤੀ ਹੈ।
Photo
ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਨਿੱਜੀ ਥਰਮਲ ਪਲਾਟਾਂ ਨਾਲ ਹੋਏ ਸਮਝੌਤਿਆਂ ਦੇ ਰਿਵਿਊ ਹਿਤ ਇਕ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਸਾਰੇ ਸਮਝੌਤਿਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ।
file photo
ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਮਝੌਤਿਆਂ ਦੀ ਵਜ੍ਹਾ ਨਾਲ ਪਿਛਲੇ ਸਮੇਂ ਦੌਰਾਨ ਪੰਜਾਬ ਨੂੰ 2 ਹਜ਼ਾਰ ਕਰੋੜ ਦਾ ਨੁਕਸਾਨ ਸਹਿਣਾ ਪਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਰੇਟਾਂ 'ਚ ਵਾਰ ਵਾਰ ਹੋ ਰਿਹਾ ਵਾਧਾ ਵੀ ਇਨ੍ਹਾਂ ਸਮਝੌਤਿਆਂ ਕਾਰਨ ਹੀ ਕਰਨਾ ਪਿਆ ਹੈ।
Photo
ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਵਲੋਂ ਇਨ੍ਹਾਂ ਸਮਝੌਤਿਆਂ ਰਾਹੀਂ ਕਾਂਗਰਸ ਸਰਕਾਰ 'ਤੇ ਘਪਲੇਬਾਜ਼ੀ ਦੇ ਦੋਸ਼ਾਂ ਨੂੰ ਨਿਰਆਧਾਰ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਸਾਰੇ ਸਮਝੌਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਹੋਏ ਸਨ। ਸਾਰੀਆਂ ਸ਼ਰਤਾਂ ਤੇ ਨਿਯਮ ਵੀ ਪਿਛਲੀ ਸਰਕਾਰ ਨੇ ਹੀ ਤੈਅ ਕੀਤੇ ਸਨ।
Photo
ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਨੇ ਇਨ੍ਹਾਂ ਸਮਝੌਤਿਆਂ 'ਤੇ ਅੱਖਾਂ ਮੀਚ ਕੇ ਦਸਤਖ਼ਤ ਕਰ ਦਿਤੇ, ਜਿਸ ਦਾ ਖਮਿਆਜ਼ਾ ਪੰਜਾਬ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।
Photo
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵਲੋਂ ਸਾਬਕਾ ਯੂਪੀਏ ਸਰਕਾਰ 'ਤੇ ਇਨ੍ਹਾਂ ਸਮਝੌਤਿਆਂ ਨੂੰ ਲੈ ਕੇ ਲਾਏ ਗਏ ਦੋਸ਼ ਵੀ ਰਾਜਨੀਤੀ ਤੋਂ ਪ੍ਰੇਰਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗਠਿਤ ਕੀਤੀ ਗਈ ਉਚ ਪੱਧਰੀ ਕਮੇਟੀ ਦੀ ਜਾਂਚ ਤੋਂ ਬਾਅਦ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ।