
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਰਕਫੈੱਡ ਅਤੇ ਸਮਾਜਿਕ ਸੁਰੱਖਿਆ ਵਿਭਾਗ ਦਰਮਿਆਨ ਸਮਝੌਤੇ ਦੀ ਸ਼ਲਾਘਾ
ਚੰਡੀਗੜ੍ਹ: ਸੂਬੇ ਦੇ ਆਂਗਨਵਾੜੀ ਕੇਂਦਰਾਂ ਦੇ 11 ਲੱਖ ਲਾਭਪਾਤਰੀਆਂ ਨੂੰ ਮਿਆਰੀ, ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਲੀਹੋਂ ਹਟਵੀ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਸੁੱਕੇ ਰਾਸ਼ਨ ਦੀ ਸਪਲਾਈ ਲਈ ਸਮਾਜਿਕ ਸੁਰੱਖਿਆ, ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਅਤੇ ਮਾਰਕਫੈੱਡ ਦਰਮਿਆਨ ਸਮਝੌਤਾ ਸਹੀਬੱਧ ਕੀਤਾ। ਇਸ ਸਮਝੌਤੇ ਮੁਤਾਬਕ ਮਾਰਕਫੈੱਡ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਬੇਸਣ, ਕਣਕ ਦਾ ਆਟਾ ਤੇ ਹੋਰ ਵਸਤਾਂ ਦੇ ਰੂਪ ਵਿੱਚ ਸੁੱਕਾ ਰਾਸ਼ਨ ਸਪਲਾਈ ਕੀਤਾ ਜਾਵੇਗਾ, ਜਿਸ ਨਾਲ ਆਂਗਨਵਾੜੀ ਕੇਂਦਰਾਂ ਤੇ ਹੋਰ ਥਾਵਾਂ ਵਿਚ ਲਾਭਪਾਤਰੀਆਂ ਲਈ ਪੌਸ਼ਟਿਕ ਭੋਜਨ ਤਿਆਰ ਹੋਵੇਗਾ।
ਇਹ ਵੀ ਪੜ੍ਹੋ: ਕਾਂਝਵਾਲਾ ਕੇਸ: ਸੁਲਤਾਨਪੁਰੀ ਥਾਣੇ ਦੇ ਬਾਹਰ ਪੀੜਤ ਪਰਿਵਾਰ ਦਾ ਪ੍ਰਦਰਸ਼ਨ, ਕਤਲ ਕੇਸ ਦਰਜ ਕਰਨ ਦੀ ਕੀਤੀ ਜਾ ਰਹੀ ਮੰਗ
ਦੋਵਾਂ ਵਿਭਾਗਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਉਪਰਾਲੇ ਦਾ ਮਕਸਦ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਲੋੜੀਂਦੀ ਪੌਸ਼ਟਿਕ ਖੁਰਾਕ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਸਕੂਲਾਂ ਵਿੱਚ ਮਿਡ-ਡੇਅ-ਮੀਲ ਵਾਸਤੇ ਅਤੇ ਆਂਗਨਵਾੜੀਆਂ ਵਿੱਚ ਬੱਚਿਆਂ ਨੂੰ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਨ ਦੇ ਪੱਖ ਵਿੱਚ ਹਨ, ਜਿਸ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਇਹ ਵੀ ਪੜ੍ਹੋ: ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ
ਮੁੱਖ ਮੰਤਰੀ ਨੇ ਕਿਹਾ ਕਿ ਮਾਰਕਫੈੱਡ ਤੇ ਵਿਭਾਗ ਵਿੱਚ ਹੋਇਆ ਇਹ ਤਾਲਮੇਲ ਲਾਮਿਸਾਲ ਹੈ, ਜਿਸ ਨਾਲ ਆਂਗਨਵਾੜੀਆਂ ਨੂੰ ਰਾਸ਼ਨ ਦੀ ਸਪਲਾਈ ਸੁਚਾਰੂ ਤੇ ਸਮਾਂਬੱਧ ਹੋਣੀ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਔਰਤਾਂ ਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਤੋਂ ਇਲਾਵਾ ਇਹ ਸਮਝੌਤਾ ਸੂਬੇ ਦੇ ਮੋਹਰੀ ਸਹਿਕਾਰੀ ਅਦਾਰੇ ਮਾਰਕਫੈੱਡ ਦੇ ਹੋਰ ਵਿਸਤਾਰ ਵਿੱਚ ਮਦਦਗਾਰ ਸਾਬਤ ਹੋਵੇਗਾ, ਜਿਸ ਨਾਲ ਪੰਜਾਬ ਵਿੱਚ ਸਹਿਕਾਰਤਾ ਲਹਿਰ ਮਜ਼ਬੂਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਂਗਨਵਾੜੀ ਕੇਂਦਰਾਂ ਨੂੰ ਰਾਸ਼ਨ ਦੀ ਮਾੜੀ ਸਪਲਾਈ ਬਾਰੇ ਪਹਿਲਾਂ ਕਾਫ਼ੀ ਸ਼ਿਕਾਇਤਾਂ ਮਿਲਦੀਆਂ ਸਨ ਪਰ ਹੁਣ ਇਸ ਸਮਝੌਤੇ ਨਾਲ ਮਾਰਕਫੈੱਡ ਵੱਲੋਂ ਵਧੀਆ ਗੁਣਵੱਤਾ ਵਾਲਾ ਰਾਸ਼ਨ ਸਪਲਾਈ ਕੀਤਾ ਜਾਵੇਗਾ, ਜਿਸ ਨਾਲ ਬੱਚਿਆਂ ਤੇ ਔਰਤਾਂ ਦੀ ਸਿਹਤ ਵਿੱਚ ਸੁਧਾਰ ਹੋਵੇਗਾ।