‘ਪੰਥਕ ਸੰਸਥਾਵਾਂ ਤੇ ਪੰਜਾਬ ਦੇ ਸਰੋਤਾਂ ਦੀ ਰਾਖੀ ਕਰਨਾ ਹੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮੁੱਖ ਮਕਸਦ’
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਸੰਸਥਾਵਾਂ ਤੇ ਪੰਜਾਬ ਦੇ ਸਰੋਤਾਂ ਦੀ ਰਾਖੀ ਕਰਨਾ ਹੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮੁੱਖ ਮਕਸਦ ਹੈ, ਜਿਸ ਲਈ ਅਸੀਂ ਹਰ ਸੰਭਵ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਪੰਥਕ ਸੰਸਥਾਵਾਂ ’ਤੇ ਕਾਬਜ ਸਵਾਰਥੀ ਧਿਰ ਅੱਜ ਸਭ ਕੁੱਝ ਬਰਬਾਦ ਕਰਨ ’ਤੇ ਤੁਲੀ ਹੋਈ ਹੈ, ਜਿਸ ਨੂੰ ਖਾਲਸਾ ਪੰਥ ਕਦੇ ਵੀ ਮੁਆਫ਼ ਨਹੀਂ ਕਰੇਗਾ।
328 ਪਾਵਨ ਸਰੂਪਾਂ ਦੇ ਮਾਮਲੇ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਤਿੰਦਰ ਸਿੰਘ ਕੋਹਲੀ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਇਸ ਮਾਮਲੇ ਵਿਚ ਨਹੀਂ ਪੈਣਾ ਚਾਹੀਦਾ ਸੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕਰਨ ਦੀ ਬਜਾਏ ਉਨ੍ਹਾਂ ਕੋਲੋਂ ਪਹਿਲਾਂ ਸਪੱਸ਼ਟੀਕਰਨ ਮੰਗਣਾ ਚਾਹੀਦਾ ਸੀ।
