
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਕੀਤੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ....
ਪਾਤੜਾਂ/ਸ਼ੁਤਰਾਣਾ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਕੀਤੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਪੱਤਰਕਾਰਾਂ ਦੀ ਐਂਟਰੀ ਪੂਰੀ ਤਰ੍ਹਾਂ ਬੰਦ ਕਰ ਦਿਤੀ। ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਉਕਤ ਫ਼ੈਸਲੇ ਦਾ ਪੱਤਰਕਾਰ ਭਾਈਚਾਰੇ ਵਲੋਂ ਕਾਫ਼ੀ ਵਿਰੋਧ ਵੀ ਕੀਤਾ ਗਿਆ ਪਰ ਉਹ ਟੱਸ ਤੋਂ ਮੱਸ ਨਹੀਂ ਹੋਏ ਤੇ ਅਖੀਰ ਪੁਲਿਸ ਅਧਿਕਾਰੀਆਂ ਨੇ ਪੱਤਰਕਾਰਾਂ ਨੂੰ ਸਮਝਾ ਕੇ ਬਾਹਰ ਜਾਣ ਦੀ ਬੇਨਤੀ ਕਰਦਿਆਂ ਹੋਇਆਂ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਵਰਕਰਾਂ ਨਾਲ ਕੀਤੀ ਜਾਣ ਵਾਲੀ ਮੀਟਿੰਗ 'ਚੋਂ ਬਾਹਰ ਕੱਢ ਦਿਤਾ।
ਸੂਤਰਾਂ ਮੁਤਾਬਕ ਪਾਰਟੀ ਪ੍ਰਧਾਨ ਦੀ ਵਰਕਰਾਂ ਨਾਲ ਮੀਟਿੰਗ ਦੌਰਾਨ ਮਿਲਣ ਵਾਲੇ ਹਰੇਕ ਵਰਕਰ ਦਾ ਮੋਬਾਈਲ ਫ਼ੋਨ ਵੀ ਪੂਰੀ ਸਖ਼ਤੀ ਨਾਲ ਬੰਦ ਕਰਨ ਦੇ ਹੁਕਮ ਦਿਤੇ ਗਏ ਤੇ ਉਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਪ੍ਰਬੰਧਕਾਂ ਵਲੋਂ ਪੁਲਿਸ ਦੀ ਮਦਦ ਨਾਲ ਮੀਟਿੰਗ ਵਿਚ ਜਾਣ ਵਾਲੇ ਹਰ ਵਿਅਕਤੀ ਦਾ ਮੋਬਾਈਲ ਫ਼ੋਨ ਬੰਦ ਕੀਤਾ ਗਿਆ ਤਾਂ ਜੋ ਕੋਈ ਵਿਅਕਤੀ ਉਕਤ ਮੀਟਿੰਗ ਦੀ ਕੋਈ ਫ਼ੋਟੋ ਨਾ ਖਿੱਚ ਸਕੇ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਇਸ ਹੁਕਮ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਨਿਰਾਸ਼ਾ ਪਾਈ ਗਈ ਤੇ ਬਹੁਤ ਸਾਰੇ ਮਾਯੂਸ ਵਰਕਰ ਮੀਟਿੰਗ ਵੀ ਅਧੂਰੀ ਹੀ ਛੱਡ ਕੇ ਚਲੇ ਗਏ।