
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੋਲਰ ਸਿਸਟਮ ਲਗਾਉਣ ਦੀ ਸੇਵਾ ਯੂਨਾਈਟਿਡ ਸਿੱਖ ਮਿਸ਼ਨ ਨੂੰ ਦੇਣ ਦਾ ਕੀਤਾ ਫ਼ੈਸਲਾ
ਭਾਈ ਰਾਜੋਆਣਾ ਦੇ ਕੇਸ ’ਚ ਹਰ ਪੇਸ਼ੀ ਲਈ ਸ਼੍ਰੋਮਣੀ ਕਮੇਟੀ 11 ਲੱਖ ਭੇਜ ਰਹੀ ਹੈ : ਬੀਬੀ ਜਗੀਰ ਕੌਰ
ਅੰਮ੍ਰਿਤਸਰ, 9 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਲਗਾਉਣ ਦੀ ਸੇਵਾ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ ਵਿਚ ਆਉਣ ਵਾਲਾ ਸਾਰਾ ਖ਼ਰਚਾ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਪਿਛਲੀ ਇਕੱਤਰਤਾ ਵਿਚ ਗੁਰੂ ਘਰਾਂ ਅੰਦਰ ਸੋਲਰ ਸਿਸਟਮ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੇਵਾ ਲਈ ਯੂਨਾਈਟਿਡ ਸਿੱਖ ਮਿਸ਼ਨ ਦੇ ਸ. ਰਸ਼ਪਾਲ ਸਿੰਘ ਢੀਂਡਸਾ ਨੇ ਪੇਸ਼ਕਸ਼ ਕੀਤੀ ਹੈ। ਇਸ ਨੂੰ ਅੰਤਿ੍ਰੰਗ ਕਮੇਟੀ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਇਸ ਨਾਲ ਹੀ ਲੰਗਰ ਲਈ ਭਾਫ਼ ਸਿਸਟਮ ਲਗਾਉਣ ਦੀ ਸੇਵਾ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਸੌਂਪਣ ਦਾ ਵੀ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਗੋਧਰਪੁਰ (ਗੁਰਦਾਸਪੁਰ) ਵਿਖੇ ਕੀਤੇ ਜਾਣਗੇ। ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 15 ਫ਼ਰਵਰੀ ਨੂੰ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਤ ਕੀਤੀ ਜਾਵੇਗੀ।
ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿਚ ਭਾਰਤ ਸਰਕਾਰ ਨੂੰ ਜਲਦ ਫ਼ੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ। ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ। ਸੁਪਰੀਮ ਕੋਰਟ ਵਲੋਂ ਵੀ ਇਸ ਬਾਰੇ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਦਾ ਕੇਸ ਨਿਰੰਤਰ ਲੜਿਆ ਜਾ ਰਿਹਾ ਹੈ। ਹਰ ਪੇਸ਼ੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ 11 ਲੱਖ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਮਦਦ ਲਈ ਵਚਨਬੱਧ ਹੈ। ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਕਲਾਂ ਵਾਲਿਆਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫ਼ੈਸਲਾ ਕੀਤਾ ਹੈ, ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕੀਤੀ। ਨੌਜੁਆਨ ਲੜਕੀ ਨੌਦੀਪ ਕੌਰ ’ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਉਸ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।