
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਸਿਆਸੀ ਅਖਾੜਾ ਭਖਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਪਹੁੰਚ ਰਹੇ ਹਨ।
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਸਿਆਸੀ ਅਖਾੜਾ ਭਖਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਭਾਜਪਾ ਲਈ ਚੋਣ ਪ੍ਰਚਾਰ ਕਰਨਗੇ। ਉਹਨਾਂ ਵਲੋਂ ਜਲੰਧਰ ਅਤੇ ਪਟਿਆਲਾ ਵਿਚ ਭਾਜਪਾ ਅਤੇ ਸਹਿਯੋਗੀ ਦਲਾਂ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ।
ਭਾਜਪਾ ਆਗੂ ਅਨਿਲ ਸਰੀਨ ਨੇ ਰੋਜ਼ਾਨਾ ਸਪੋਕਸਮੈਨ ਨੂੰ ਦੱਸਿਆ ਕਿ ਅਮਿਤ ਸ਼ਾਹ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਲਈ ਪ੍ਰਚਾਰ ਕਰਨਗੇ। ਇਸ ਖ਼ਬਰ ਨੂੰ ਲੈ ਕੇ ਵਰਕਰਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਵਰਕਰਾਂ ਦੀ ਮੰਗ ਸੀ ਕਿ ਪੀਐਮ ਮੋਦੀ ਤੇ ਅਮਿਤ ਸ਼ਾਹ ਸਣੇ ਭਾਜਪਾ ਦੇ ਸੀਨੀਅਰ ਆਗੂ ਪੰਜਾਬ ਵਿਚ ਚੋਣ ਪ੍ਰਚਾਰ ਲਈ ਆਉਣ।
ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਆਉਣਗੇ। ਪ੍ਰਧਾਨ ਮੰਤਰੀ 14 ਫਰਵਰੀ ਨੂੰ ਪੰਜਾਬ ਦੇ ਦੁਆਬਾ, ਮਾਝਾ ਅਤੇ ਮਾਲਵਾ ਖੇਤਰ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂਅ ਵੀ ਸ਼ਾਮਲ ਹੈ। ਦੱਸ ਦਈਏ ਕਿ ਐਤਵਾਰ ਨੂੰ ਹੀ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵੀ ਚੋਣ ਪ੍ਰਚਾਰ ਲਈ ਪੰਜਾਬ ਪਹੁੰਚ ਰਹੇ ਹਨ।