2 ਹੈਂਡ ਗ੍ਰਨੇਡ ਸਣੇ ਇੱਕ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਗ੍ਰਨੇਡ ਬਰਾਮਦ ਕਰ ਕੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਫੜਿਆ ਗਿਆ ਦੋਸ਼ੀ ਸੁਖਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਚੱਕ ਮਿਸ਼ਰੀ ਖਾਂ, ਲੋਪੋ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਕੋਲੋਂ ਦੋ ਗ੍ਰਨੇਡ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਦੇਸੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਹਨ। ਇਸ ’ਤੇ ਸਪੈਸ਼ਲ ਸੈੱਲ ਦੀ ਟੀਮ ਨੇ ਨਾਕਾਬੰਦੀ ਕਰ ਕੇ ਜਾਂਚ ਸ਼ੁਰੂ ਕੀਤੀ।
ਨਾਕਾਬੰਦੀ ਦੌਰਾਨ ਦੋਸ਼ੀ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗ ਪਏ। ਇਸ ਦੌਰਾਨ ਸੁਖਨਪ੍ਰੀਤ ਸਿੰਘ ਨੂੰ ਦੋ ਗ੍ਰਨੇਡ ਸਮੇਤ ਫੜ ਲਿਆ ਗਿਆ, ਜਦਕਿ ਉਸ ਦਾ ਸਾਥੀ ਹਰਜੀਤ ਸਿੰਘ ਉਰਫ਼ ਬਿੱਲਾ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਵਿੱਚ ਥਾਣੇ ਵਿੱਚ ਮੁਕੱਦਮਾ ਨੰਬਰ 33 ਮਿਤੀ 08-02-2026 ਨੂੰ Explosive Substances Act ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਦੋਸ਼ੀ ਦੇ ਫ਼ਰਾਰ ਸਾਥੀਆਂ ਅਤੇ ਪਿੱਛੇ ਦੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜੇ ਹੋਰ ਕੋਈ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਲ ਨਿਕਲਿਆ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਰਾਰ ਦੋਸ਼ੀ ਹਰਜੀਤ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।
