
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫ਼ੈਸਲੇ ਦਾ ਸਵਾਗਤ ਕੀਤਾ...
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫ਼ੈਸਲੇ ਦਾ ਸਵਾਗਤ ਕੀਤਾ ਪਰ ਨਾਲ ਹੀ ਉਨ੍ਹਾਂ ਨੇ ਕੌਮਾਂਤਰੀ ਸਰਹੱਦ ਤੋਂ ਪਾਰ ਇਤਿਹਾਸਕ ਗੁਰਦਵਾਰਾ ਸਾਹਿਬ ਜਾਣ ਵਾਲੀ ਸੰਗਤ ਲਈ ਪਾਸਪੋਰਟ ਤੇ ਵੀਜ਼ਾ ਮੁਕਤ 'ਖੁੱਲ੍ਹੇ ਦਰਸ਼ਨ ਦੀਦਾਰੇ' ਕਰਨ ਦੀ ਇਜਾਜ਼ਤ ਦੇਣ ਦੀ ਮੰਗ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਲੰਘੀ ਦੇਰ ਰਾਤ ਟਵੀਟ ਕਰਦਿਆਂ ਆਖਿਆ, ''ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਇਸ ਪ੍ਰਾਜੈਕਟ ਲਈ ਮੇਰੀ ਸਰਕਾਰ ਵੱਲੋਂ ਮੈਂ ਪੂਰਾ ਸਹਿਯੋਗ ਕਰਦਾ ਹਾਂ।'' ਐਤਵਾਰ ਨੂੰ ਇੱਥੋਂ ਜਾਰੀ ਬਿਆਨ 'ਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲਾਂਘੇ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣਾ ਹੀ ਕਾਫੀ ਨਹੀਂ ਹੈ ਸਗੋਂ ਸਰਹੱਦ ਪਾਰ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜ਼ੇ ਦੀ ਸ਼ਰਤ ਖ਼ਤਮ ਕਰ ਕੇ 'ਖੁੱਲ੍ਹੇ ਦਰਸ਼ਨ ਦੀਦਾਰੇ' ਦੀ ਸਹੂਲਤ ਦਿੱਤੇ ਜਾਣ ਦੀ ਵੀ ਲੋੜ ਹੈ।
Kartarpur corridor
ਮੁੱਖ ਮੰਤਰੀ ਨੇ ਕਿਹਾ ਕਿ ਪਾਸਪੋਰਟ ਅਤੇ ਵੀਜ਼ੇ ਦੀ ਸ਼ਰਤ ਨਾਲ ਬਿਨਾਂ ਪਾਸਪੋਰਟ ਵਾਲੇ ਹਜ਼ਾਰਾਂ ਸ਼ਰਧਾਲੂ ਖਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰ ਵਿੱਚ ਰਹਿੰਦੇ ਲੋਕ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਨਾਲ ਸਬੰਧਤ ਇਤਿਹਾਸਕ ਗੁਰਦਵਾਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸਪੋਰਟ ਦੀ ਸ਼ਰਤ ਖ਼ਤਮ ਕਰ ਕੇ ਅਤੇ ਸ਼ਰਧਾਲੂਆਂ ਦੀ ਸ਼ਨਾਖਤ ਦੀ ਤਸਦੀਕ ਲਈ ਪਾਸਪੋਰਟ ਦੀ ਬਜਾਏ ਹੋਰ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਬਿਨਾਂ ਪਾਸਪੋਰਟ ਵਾਲੇ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਦੀ ਸਹੂਲਤ ਸੌਖਿਆ ਹੀ ਦੇ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਨੇ ਸਰਬਵਿਆਪਕਤਾ ਦਾ ਸੰਦੇਸ਼ ਦਿੱਤਾ ਜਿਸ ਕਰਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਲਈ ਉਨ੍ਹਾਂ ਦੇ ਸਾਰੇ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਜਾਵੇ। ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਗੁਰਦਵਾਰਾ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਨੂੰ ਸਿਰਫ਼ ਇਸ ਕਰ ਕੇ ਵਾਂਝਾ ਨਹੀਂ ਰੱਖਣਾ ਚਾਹੀਦਾ ਕਿ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ।