
ਸ਼ਹੀਦ ਬਾਬੂ ਲਾਭ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਬੰਧਕਾਂ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਦੀ ਸ਼ਹਾਦਤ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ, ਇਹੀ ਕਾਰਨ ਹੈ ਕਿ ਉਨ੍ਹਾਂ ਨੇ ਅੱਜ ਤਕ ਨਾ ਹੀ ਉਨ੍ਹਾਂ ਨੂੰ ਬਣਦਾ ਸਤਿਕਾਰ ਦੇਣ ਦੀ ਕੋਸ਼ਿਸ਼ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਦਾ ਕਦੇ ਜਨਮ ਦਿਨ ਮਨਾਇਆ ਹੈ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ।
Photo
ਉਹ ਇੱਥੇ ਸ਼ਹੀਦ ਬਾਬੂ ਲਾਭ ਸਿੰਘ ਨਰਸਿੰਗ ਕਾਲਜ ਸਿਵਲ ਹਸਪਤਾਲ ਵਿਖੇ ਨਰਸਿੰਗ ਸਟਾਫ਼ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਸ਼ਹੀਦ ਬਾਬੂ ਲਾਭ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ 'ਚ ਹਿੱਸਾ ਲੈਣ ਪਹੁੰਚੇ ਹੋਏ ਸਨ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਸਮਾਗਮ ਅਤੇ ਅਰਦਾਸ ਵੀ ਕੀਤੀ ਗਈ।
ਇਸ ਮੌਕੇ ਸ. ਸੁਖਦੇਵ ਸਿੰਘ ਢੀਂਡਸਾ ਨੇ ਸ਼ਹੀਦ ਬਾਬੂ ਲਾਭ ਸਿੰਘ ਦਾ ਸ਼ਹੀਦੀ ਦਿਹਾੜਾ ਕੌਮੀ ਵੱਧਰ 'ਤੇ ਜਲੰਧਰ ਵਿਖੇ ਮਨਾਉਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਪਣੇ ਅਖ਼ਤਿਆਰੀ ਫ਼ੰਡ ਵਿਚੋਂ ਨਰਸਿੰਗ ਸਟਾਫ਼ ਲਈ ਨਵੇਂ ਹਾਲ ਵਾਸਤੇ 5 ਲੱਖ ਰੁਪਏ ਦੀ ਗਰਾਟ ਦੇਣ ਦਾ ਐਲਾਨ ਵੀ ਕੀਤਾ।
Photo
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਖੁਦ ਦੇ ਸਿਧਾਂਤਵਾਦੀ ਸੰਕਲਪ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਆ ਚੁੱਕੇ ਨਿਘਾਰ ਨੂੰ ਦੂਰ ਕਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਿਧਾਂਤਕਾਵਾਦੀ ਸਰਗਰਮੀਆਂ ਨੂੰ ਸੰਗਤ ਦਾ ਭਰਪੂਰ ਯੋਗਦਾਨ ਵੀ ਮਿਲ ਰਿਹਾ ਹੈ।
File photo
ਇਸ ਤੋਂ ਬਾਅਦ ਉਹ ਟਕਸਾਲੀ ਅਕਾਲੀ ਦਲ ਦੇ ਆਗੂਆਂ ਸਮੇਤ ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਰੈਣਕ ਬਾਜ਼ਾਰ ਵਿਖੇ ਪੁੱਜੇ ਜਿੱਥੇ ਉਨ੍ਹਾਂ ਮੱਥਾ ਟੇਕ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰ ਪ੍ਰਬੰਧਕ ਕਮੇਟੀ ਵਲੋਂ ਉਕਤ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
Photo
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ, ਡਾ. ਮਨਜੀਤ ਸਿੰਘ ਭੋਮਾ, ਗੁਰਚਰਨ ਸਿੰਘ ਚੰਨੀ, ਹਰਜੀਤ ਕੌਰ, ਗੁਰਸ਼ੇਰ ਸਿੰਘ, ਮਹਿੰਦਰਪਾਲ ਸਿੰਘ ਬਿਨਾਕਾ, ਹਰਵਿੰਦਰ ਸਿੰਘ ਖ਼ਾਲਸਾ, ਸਰੂਪ ਸਿੰਘ ਢੇਸੀ ਤੋਂ ਇਲਾਵਾ ਪ੍ਰੋ. ਮਨਦੀਪ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।