
ਉਹ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ
ਬਠਿੰਡਾ : ਤਲਵੰਡੀ ਸਾਬੋ ਇਲਾਕੇ ਦੇ ਸੂਝਵਾਨ ਨੇਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡਾ ਨਹੀਂ ਰਹੇ। ਉਨ੍ਹਾਂ ਨੇ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਆਖ਼ਰੀ ਸਾਹ ਲਏ। ਪਤਾ ਲੱਗਾ ਹੈ ਕਿ ਪਹਿਲਾਂ ਉਹ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ ਪਰ ਬਾਅਦ ਵਿਚ ਡਾਕਟਰਾਂ ਨੇ ਉਨ੍ਹਾਂ ਨੂੰ ਲੀਵਰ ਦੇ ਕੈਂਸਰ ਹੋਣ ਸਬੰਧੀ ਰਿਪੋਰਟ ਦਿੱਤੀ ਸੀ, ਜਿਸ ਦਾ ਇਲਾਜ ਚੱਲ ਹੀ ਰਿਹਾ ਸੀ ਕਿ ਇਸੇ ਦੌਰਾਨ ਉਹ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ।
ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ । ਜਥੇਦਾਰ ਗੁਰਤੇਜ ਸਿੰਘ ਢੱਡੇ ਪਿਛਲੇ ਸਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਸਨ। ਜਿਨ੍ਹਾਂ ਨੇ ਗੁਰਮਤਿ ਲਹਿਰ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਸੀ। ਉਨ੍ਹਾਂ ਦਾ ਅੰਤਮ ਸੰਸਕਾਰ 11 ਮਾਰਚ ਨੂੰ ਸਵੇਰੇ 10 ਵਜੇ ਉਨ੍ਹਾਂ ਦੇ ਜੱਦੀ ਪਿੰਡ ਢੱਡੇ ਵਿਖੇ ਕੀਤਾ ਜਾਵੇਗਾ।