ਮੌਜੂਦਾ ਬਜਟ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ : ਬਲਬੀਰ ਸਿੰਘ
Published : Mar 10, 2023, 8:24 pm IST
Updated : Mar 10, 2023, 8:24 pm IST
SHARE ARTICLE
Dr Balbir Singh
Dr Balbir Singh

- ਹਰ ਸਰਕਾਰੀ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ

 

ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ  ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਲਈ 4,781 ਕਰੋੜ ਰੁਪਏ ਦਾ ਬਜਟ ਉਪਬੰਧ  ਬੁਨਿਆਦੀ ਸਿਹਤ  ਸਹੂਲਤਾਂ, ਦਵਾਈਆਂ, ਮਿਆਰੀ ਇਲਾਜ ਨੂੰ ਸਮਾਜ ਦੇ ਹਰ ਵਰਗ ਤੱਕ ਪਹੁਚਾਉਣ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਲਈ ਬਜਟ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਲਈ ਵੀ  1015 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਯੋਗ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਉਹਨਾਂ ਕਿਹਾ  ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਸਾਡਾ ਮੰਨਣਾ ਹੈ ਕਿ ਸਿਰਫ ਸਿਹਤਮੰਦ ਤੇ ਰਿਸ਼ਟਪੁਸ਼ਟ ਆਬਾਦੀ  ਨਾਲ ਹੀ ਪੰਜਾਬ ਨਿਰੰਤਰ ਵਿਕਾਸ ਦੇ ਰਾਹ ’ਤੇ ਜਾ ਸਕਦਾ ਹੈ।

ਡਾ: ਬਲਬੀਰ ਸਿੰਘ ਨੇ ਸਟਾਫ਼ ਦੀ ਘਾਟ ਦੀ ਗੱਲ ਕਬੂਲਦਿਆਂ ਕਿਹਾ ਕਿ ਮੈਡੀਕਲ ਸੰਸਥਾਵਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ 880 ਸਟਾਫ਼ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਰੈਜ਼ੀਡੈਂਟਸ ਦੀ ਨਿਯੁਕਤੀ ਲਈ ਨਵੀਂ ਨੀਤੀ ਤਹਿਤ ਸਰਕਾਰੀ ਮੈਡੀਕਲ ਕਾਲਜਾਂ ਵਿੱਚ 300 ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਸੇ ਤਰ੍ਹਾਂ, ਸਿਹਤ ਸੰਸਥਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 1,353 ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 271 ਸਪੈਸ਼ਲਿਸਟ ਮੈਡੀਕਲ ਅਫਸਰ, ਤਿੰਨ ਫਾਰਮੇਸੀ ਅਫਸਰ, 53 ਸਟਾਫ ਨਰਸਾਂ, 520 ਮਲਟੀ-ਪਰਪਜ਼ ਹੈਲਥ ਵਰਕਰ, 480 ਵਾਰਡ ਅਟੈਂਡੈਂਟ, ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ, “ਹਰ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਸਮੇਤ ਮੁੱਢਲੀਆਂ ਸਿਹਤ ਸੁਵਿਧਾਵਾਂ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ ਹੈ।” ਉਨ੍ਹਾਂ ਇਹ ਵੀ  ਕਿਹਾ ਕਿ ਸੂਬੇ ਵਿੱਚ ਹਸਪਤਾਲਾਂ ਦੀਆਂ ਇਮਾਰਤਾਂ  ਦ ਮੁਰੰਮਤ ਵੀ ਤੇਜ਼ੀ ਨਾਲ  ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮੂਹ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ- ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਇੱਕ ਵਿਸ਼ੇਸ਼ ਪ੍ਰੋਜੈਕਟ ਤਹਿਤ ਮਜ਼ਬੂਤ ਕਰਨ ਲਈ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 470 ਅਸਾਮੀਆਂਨੂੰ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾਵੇਗੀ।

ਸਿਹਤ ਮੰਤਰੀ ਨੇ ਦੱਸਿਆ ਕਿ 117 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਦੇ ਸ਼ੁਰੂਆਤੀ ਟੀਚੇ ਦੇ ਵਿਰੁੱਧ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ 504 ਆਮ ਆਦਮੀ ਕਲੀਨਿਕ ਸਥਾਪਤ ਕਰ ਦਿੱਤੇ ਹਨ, ਜਦੋਂ ਕਿ ਅਗਲੇ ਕੁਝ ਦਿਨਾਂ ਵਿੱਚ ਹੋਰ 142 ਕਲੀਨਿਕਾਂ ਦੇ ਚਾਲੂ ਹੋਣ ਦੀ ਆਸ ਹੈ। ਇਨ੍ਹਾਂ ਕਲੀਨਿਕਾਂ ਵਿੱਚ 80 ਦਵਾਈਆਂ ਅਤੇ 41 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 20 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਵਿੱਚ ਓ.ਪੀ.ਡੀ. ਸਹੂਲਤ ਦਾ ਲਾਭ ਲੈ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਐਮ.ਬੀ.ਬੀ.ਐਸ. ਦੀਆਂ 100-100 ਸੀਟਾਂ ਵਾਲੇ ਦੋ ਨਵੇਂ ਮੈਡੀਕਲ ਕਾਲਜ ਕ੍ਰਮਵਾਰ 422  ਕਰੋੜ ਰੁਪਏ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਹਨ। ਜਦ ਕਿ ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਣ ਦੀ ਆਸ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ 100 ਕਰੋੜ ਦੀ ਲਾਗਤ ਨਾਲ ਟਰੌਮਾ ਸੈਂਟਰ ਅਤੇ ਪਿੰਡ ਠੀਕਰੀਵਾਲ, ਜ਼ਿਲ੍ਹਾ ਬਰਨਾਲਾ ਵਿਖੇ ਨਵਾਂ ਨਰਸਿੰਗ ਕਾਲਜ ਵੀ ਬਜਟ ਵਿੱਚ ਤਜਵੀਜ਼ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement