
ਕੁੰਵਰ ਵਿਜੇ ਪ੍ਰਤਾਪ ਦੀ ਬਹਾਲੀ ਦੀ ਚੋਣ ਕਮਿਸ਼ਨ ਕੋਲ ਕਰਾਂਗੇ ਮੰਗ : ਭਗਵੰਤ ਮਾਨ
ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ’ਤੇ ਭਗਵੰਤ ਮਾਨ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਕੁੰਵਰ ਵਿਜੇ ਪ੍ਰਤਾਪ ਦੀ ਬਹਾਲੀ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ‘ਸਿੱਟ’ ਮੁਖੀ ਕੰਵਰ ਵਿਜੇ ਪ੍ਰਤਾਪ ਬਹੁਤ ਹੀ ਇਮਾਨਦਾਰ ਅਫ਼ਸਰ ਹਨ ਤੇ ਉਨ੍ਹਾਂ ਦੀ ਇਸ ਤਰ੍ਹਾਂ ਬਦਲੀ ਕਰਨਾ ਕਿਤੇ ਨਾ ਕਿਤੇ ਬੇਅਦਬੀ ਮੁੱਦੇ ਨੂੰ ਠੰਡੇ ਬਸਤੇ ਪਾਉਣ ਦੇ ਬਰਾਬਰ ਹੈ।
Kunwar Vijay Partap Singh
ਮਾਨ ਨੇ ਕਿਹਾ ਕਿ ਲੋਕਾਂ ਨੂੰ ਵੀ ਹੁਣ ਇਸ ਗੱਲ ਦਾ ਪਤਾ ਲੱਗ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਿਰਫ਼ ਦਿਖਾਵਾ ਕਰ ਰਹੇ ਹਨ, ਅਸਲ ਵਿਚ ਤਾਂ ਉਹ ਵੀ ਨਹੀਂ ਚਾਹੁੰਦੇ ਕਿ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਵਿਚ ਬਾਦਲਾਂ ਦਾ ਨਾਮ ਆਵੇ। ਉਨ੍ਹਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਾਂਗੇ ਅਤੇ ਇਸ ਫ਼ੈਸਲੇ ਨੂੰ ਰੀਵੀਉ ਕਰਨ ਦੀ ਮੰਗ ਕਰਾਂਗੇ ਕਿਉਂਕਿ ਕੁੰਵਰ ਵਿਜੇ ਪ੍ਰਤਾਪ ਇਕ ਇਮਾਦਾਰ ਅਫ਼ਸਰ ਹਨ ਅਤੇ ਉਨ੍ਹਾਂ ਦੀ ਜਾਂਚ ਨਾਲ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।
Bhagwant Mann
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਕਰ ਦਿਤੀ ਗਈ, ਜਿਸ ਤੋਂ ਬਾਅਦ ਪੰਜਾਬ ਦੇ ਸਿਆਸਤਦਾਨਾਂ ਵਲੋਂ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾ ਕੇ ਬਾਦਲ ਪਰਵਾਰ ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਦੀ ਬਹਾਲੀ ਦੀ ਮੰਗ ਵੀ ਕੀਤੀ ਜਾ ਰਹੀ ਹੈ।
Captain Amarinder Singh
ਕੈਪਟਨ ਅਮਰਿੰਦਰ ਸਿੰਘ ਨੇ ਵੀ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਨੂੰ ਪੱਖਪਾਤੀ ਹੁਕਮ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਦੀ ਬਦਲੀ ਦੇ ਫ਼ੈਸਲੇ ’ਤੇ ਚੋਣ ਕਮਿਸ਼ਨ ਨੂੰ ਮੁੜ ਵਿਚਾਰ ਕਰਨ ਦੀ ਮੰਗ ਕਰਨਗੇ।