
ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਵਿਖੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਸਵੰਤ ਸਿੰਘ ਨਾਮ ਦੇ ਵਿਅਕਤੀ ਦੀ ਸ਼ਿਕਾਇਤ ਉਤੇ ਫੜਿਆ ਹੈ।
Bribe
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਸ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਪਟਵਾਰੀ ਨੇ 30 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਕਾਰਵਾਈ ਕਰਦੇ ਹੋਏ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਦੇ ਬਿਆਨ ਦੇ ਅਧਾਰ ’ਤੇ ਪਟਵਾਰੀ ਨੂੰ ਹਿਰਾਸਤ 'ਚ ਲੈ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ।
Bribe Case
ਵਿਜੀਲੈਂਸ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਪਟਵਾਰੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।