
ਦੇਸ਼ ਦੇ ਪ੍ਰਧਾਨ ਮੰਤਰੀ ਤੇ ਖੇਤੀ ਮੰਤਰੀ ਦੇ ਪੁਤਲੇ ਸਾੜੇ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ।
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਅੱਜ ਪੰਜਾਬ ਵਿੱਚ ਅਧਿਕਾਰਤ ਤੌਰ 'ਤੇ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਦਾ ਫੈਸਲਾ ਕੀਤਾ ਹੋਇਆ ਹੈ। ਇਸ ਫੈਸਲੇ ਦਾ ਪੰਜਾਬ ਅਤੇ ਹਰਿਆਣਾ ਦੇ ਆੜ੍ਹਤੀ ਵਰਗ ਨੇ ਵਿਰੋਧ ਕੀਤਾ ਹੈ ਪਰ ਸ਼ਨੀਵਾਰ ਨੂੰ ਹਰਿਆਣਾ ਦੇ ਆੜ੍ਹਤੀਆਂ ਨੇ ਸਰਕਾਰ ਦੇ ਭਰੋਸੇ ਮਗਰੋਂ ਆਪਣੀ ਹੜਤਾਲ ਖ਼ਤਮ ਕਰ ਦਿੱਤੀ।
Farmer protest
ਦੱਸ ਦਈਏ ਕਿ ਕਣਕ ਦੀ ਸਿੱਧੀ ਅਦਾਇਗੀ ਦੇ ਮਾਮਲੇ 'ਚ ਹੜਤਾਲ 'ਤੇ ਗਏ ਆੜ੍ਹਤੀਆਂ ਦੇ ਸਮਰਥਨ 'ਚ ਕਿਸਾਨਾਂ ਨੇ ਅੰਮ੍ਰਿਤਸਰ ਹਰੀਕੇ ਮਾਰਗ 'ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਖਿਲਾਫ਼ ਆੜਤੀਆਂ ਦੇ ਹੱਕ 'ਚ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਖੇਤੀ ਮੰਤਰੀ ਦੇ ਪੁਤਲੇ ਸਾੜੇ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ।
mandi
ਅੰਮ੍ਰਿਤਸਰ ਹਰੀਕੇ ਬਠਿੰਡਾ ਮੁੱਖ ਮਾਰਗ 'ਤੇ ਅਰਥੀ ਚੁੱਕ ਕੇ ਕਿਸਾਨਾਂ ਨੇ ਮਾਰਚ ਕੱਢਿਆ। ਇਸ ਦੌਰਾਨ ਸੜਕ 'ਤੇ ਕੁਝ ਸਮੇਂ ਲਈ ਚੱਕਾ ਜਾਮ ਵੀ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਸਿੱਧੀ ਅਦਾਇਗੀ ਦਾ ਮੁੱਦਾ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਮਿਲੀ ਭੁਗਤ ਹੈ। ਉਨ੍ਹਾਂ ਪੰਜਾਬ ਸਰਕਾਰ 'ਤੇ ਗੁੁੱਸਾ ਜਾਹਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਦਾ ਪੱਖ ਰੱਖਣ 'ਚ ਅਸਫਲ ਰਹੀ ਹੈ।