
ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ : ਚੀਮਾ
ਸੰਗਰੂਰ/ਦਿੜਬਾ ਮੰਡੀ, 9 ਅਪ੍ਰੈਲ (ਬਲਵਿੰਦਰ ਸਿੰਘ ਭੁੱਲਰ, ਚਮਕੌਰ ਸਿੰਘ) : ਪੰਜਾਬ ਸਰਕਾਰ ਦੁਆਰਾ ਕਣਕ ਦੀ ਸੁਚਾਰੂ ਖ਼ਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ | ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਅਨਾਜ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਹੀ ਸੁਚੱਜੀ ਖ਼ਰੀਦ ਪ੍ਰਕਿ੍ਆ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰ ਦਿਤੇ ਗਏ ਸਨ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਅਧਿਕਾਰੀਆਂ ਵਲੋਂ ਇਨ੍ਹਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਅਪਣੀ ਜਿਣਸ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆ ਸਕੇ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਸੁਚੱਜੇ ਪ੍ਰਬੰਧਾਂ ਦੇ ਚਲਦਿਆਂ ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿਤੀ ਜਾ ਰਹੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਜਿਣਸ ਦੀ ਸਮੇਂ ਸਿਰ ਅਦਾਇਗੀ, ਬਾਰਦਾਨੇ ਦੀ ਉਪਲਬਧਤਾ, ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਕਣਕ ਦੀ ਮੰਡੀਆਂ ਵਿਚੋਂ ਲਿਫ਼ਟਿੰਗ, ਟਰਾਂਸਪੋਰਟੇਸ਼ਨ ਦੇ ਨਾਲ ਨਾਲ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਲਈ ਮੰਡੀਆਂ ਵਿਚ ਪੀਣ ਲਈ ਸਾਫ਼ ਪਾਣੀ, ਬੈਠਣ ਵਿਵਸਥਾ, ਲਾਈਟਾਂ, ਪਖਾਨਿਆਂ ਸਮੇਤ ਹੋਰ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ |
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜਦਿੀਆਂ ਮੰਡੀਆਂ ਵਿਚ ਇਸ ਵਾਰ 9 ਲੱਖ ਮੀਟਿ੍ਕ ਟਨ ਕਣਕ ਪੁੱਜਣ ਦੀ ਸੰਭਾਵਨਾ ਹੈ ਅਤੇ ਸਮੂਹ ਮੰਡੀਆਂ ਵਿਚ ਮਿਆਰੀ ਖ਼ਰੀਦ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸੈਕਟਰ ਅਫ਼ਸਰ ਤਾਇਨਾਤ ਹਨ ਅਤੇ ਉਪ ਮੰਡਲ ਮੈਜਿਸਟਰੇਟ ਲਗਾਤਾਰ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਇਸ ਮੌਕੇ ਕੈਬਨਿਟ ਮੰਤਰੀ ਨੇ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀ ਰਾਜੇਸ਼ ਸ਼ਰਮਾ ਦੇ ਨਾਲ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ |
ਫੋਟੋ 9-13