
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ
ਸੰਗਰੂਰ, 9 ਅਪ੍ਰੈਲ (ਬਲਵਿੰਦਰ ਸਿੰਘ ਭੁੱਲਰ) : ਪਿਛਲੇ ਪੰਜ ਸਾਲਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵਲੋਂ ਸੂਬਾ ਪਧਰੀ ਸੱਦੇ ਤਹਿਤ ਅੱਜ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ ਵੱਡੀ ਗਿਣਤੀ ਇਕੱਠੇ ਹੋਏ ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਵਿਰੁਧ ਨਾਅਰੇਬਾਜ਼ੀ ਕਰਦਿਆਂ ਹੋਇਆ ਬੀਐਸਐਨਐਲ ਪਾਰਕ ਤੋਂ ਫੁਹਾਰਾ ਚੌਕ ਹੁੰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਤਕ ਪੈਦਲ ਮਾਰਚ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਜਿਸ ਤਰ੍ਹਾਂ ਪ੍ਰਸ਼ਾਸਨ ਵਲੋਂ ਦੋ ਵਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਰਸਤੇ ਵਿਚ ਰੋਕ ਕੇ ਮੀਟਿੰਗ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬੇਰੁਜ਼ਗਾਰ ਅਧਿਆਪਕਾਂ ਵਲੋਂ ਪ੍ਰਸ਼ਾਸਨ ਦੇ ਝੂਠੇ ਲਾਰਿਆਂ ਨੂੰ ਦਰਕਿਨਾਰ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਤਕ ਮਾਰਚ ਕੀਤਾ ਗਿਆ।
ਜਦੋਂ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਤਕ ਪਹੁੰਚੇ ਤਾਂ ਭਾਰੀ ਪੁਲਿਸ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ। ਜਿੱਥੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਕੁਲਦੀਪ ਖੋਖਰ, ਜੱਗਾ ਬੋਹਾ, ਰਾਜਵਿੰਦਰ ਗੁਰਦਾਸਪੁਰ, ਜਰਨੈਲ ਸੰਗਰੂਰ, ਮਨੀ ਸੰਗਰੂਰ, ਗੁਰਪ੍ਰੀਤ ਗੁਰਾਇਆ, ਨਿਰਮਲ ਜ਼ੀਰਾ, ਪ੍ਰਿਥਵੀ ਅਬੋਹਰ, ਅਮੀਤ ਜਲਾਲਾਬਾਦ, ਹੈਪੀ ਜਲਾਲਾਬਾਦ ਤੇ ਸੋਨੀਆ ਪਟਿਆਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਲਾਇਕੀਆਂ ਕਾਰਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ 6635 ਤੇ 2364 ਪੋਸਟਾਂ ਕੋਰਟ ਕੇਸ ਵਿਚ ਫਸੀਆਂ ਹੋਈਆਂ ਹਨ। ਪਰ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੋਰਟ ’ਚ ਭਰਤੀਆਂ ਨੂੰ ਬਾਹਰ ਕੱਢਣ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ ਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ। ਪਰ ਉਸ ਦਾ ਹਾਲੇ ਤਕ ਆਨਲਾਈਨ ਪੋਰਟਲ ਵੀ ਨਹੀਂ ਖੋਲ੍ਹਿਆ ਗਿਆ। ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।
ਫੋਟੋ 9-18