
Punjab News : ਇਸ ਤੋਂ ਪਹਿਲਾਂ ਕਮਿਸ਼ਨ ਬਸਪਾ ਅਤੇ ਭਾਜਪਾ ਵਫ਼ਦ ਨਾਲ ਵੀ ਕਰ ਚੁੱਕੈ ਮੁਲਾਕਾਤ
Punjab News in Punjabi : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸ਼ਨੀਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਸੀਪੀਆਈ (ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ ਅਤੇ ਭਾਜਪਾ ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।
ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ 800 ਅਤੇ ਈ.ਆਰ.ਓਜ਼. ਵੱਲੋਂ 3879 ਮੀਟਿੰਗਾਂ ਸ਼ਾਮਲ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ ਸਨ।
(For more news apart from Election Commission holds discussions with CPI(M) delegation: Sibin C News in Punjabi, stay tuned to Rozana Spokesman)