
Fazilka News : ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ
Fazilka News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵੀ ਵਧਾਇਆ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ। ਸਰਕਾਰ ਵੱਲੋਂ ਸਾਡੀਆਂ ਸੈਨਾਵਾਂ ਨੂੰ ਵੀ ਹਰ ਪ੍ਰਕਾਰ ਦੀ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਉਹ ਜ਼ਿਲ੍ਹੇ ਦਾ ਦੌਰਾ ਕਰ ਰਹੇ ਹਨ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਫਾਜ਼ਿਲਕਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਸਹੂਲਤ ਲਈ ਸਭ ਤਿਆਰੀਆਂ ਮੁਕੰਮਲ ਹਨ।
ਇਸ ਦੌਰਾਨ ਦੋਹਾਂ ਮੰਤਰੀਆਂ ਨੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਦੱਸਿਆ ਕਿ ਇੱਥੇ ਬੈਡ ਅਤੇ ਦਵਾਈਆਂ ਲੋੜ ਅਨੁਸਾਰ ਉਪਲੱਬਧ ਹਨ।ਉਨ੍ਹਾਂ ਕਿਹਾ ਕਿ ਸਾਰਾ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦਾ ਅਮਲਾ 24 ਘੰਟੇ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਆਪਣੇ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ।
ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੇ ਡਰ ਜਾਂ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ, ਸਰਕਾਰ ਨੇ ਹਰ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਬਲੱਡ ਬੈਂਕ, ਸਿਵਿਲ ਸੇਵਾਵਾਂ ਅਤੇ ਸਿਹਤ ਸਹੂਲਤਾਂ ਦੀ ਸਮੀਖਿਆ ਵੀ ਕੀਤੀ। ਦੋਹਾਂ ਮੰਤਰੀਆਂ ਵੱਲੋਂ ਫਾਜ਼ਿਲਕਾ ਦੇ ਬਾਜ਼ਾਰਾਂ ਦਾ ਦੌਰਾ ਕਰਕੇ ਇੱਥੇ ਆਮ ਲੋਕਾਂ ਅਤੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਗਈ।
ਦੋਵਾਂ ਮੰਤਰੀਆਂ ਨੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਕਿਹਾ ਕਿ ਲੋਕ ਕਿਸੇ ਵੀ ਪ੍ਰਕਾਰ ਦੀ ਘਬਰਾਹਟ ਵਿੱਚ ਨਾ ਆਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਕਿਸੇ ਵੀ ਮੁਸ਼ਕਲ ਘੜੀ ਲਈ ਪ੍ਰਸ਼ਾਸਨ ਨੇ ਹਰ ਪ੍ਰਕਾਰ ਦੀ ਤਿਆਰੀ ਕੀਤੀ ਹੋਈ ਹੈ। ਇਸ ਮੌਕੇ ਲੋਕਾਂ ਨੇ ਵੀ ਬੜੇ ਹੌਂਸਲੇ ਨਾਲ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀਆਂ ਤਿਆਰੀਆਂ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਲੋਕ ਆਪਣੀਆਂ ਰੱਖਿਆ ਸੇਵਾਵਾਂ ਨਾਲ ਡੱਟ ਕੇ ਖੜ੍ਹੇ ਹਨ।
ਇਸ ਦੌਰੇ ਦੌਰਾਨ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ, ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸਿਵਲ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਪ੍ਰਕਾਰ ਦੀਆਂ ਜ਼ਰੂਰੀ ਵਸਤਾਂ ਦਾ ਸਟਾਕ ਜ਼ਰੂਰਤ ਅਨੁਸਾਰ ਉਪਲਬਧ ਹੈ ਅਤੇ ਕਿਸੇ ਪ੍ਰਕਾਰ ਦੀ ਕਾਲਾ ਬਜ਼ਾਰੀ ਜਾਂ ਜਮਾਂਖੋਰੀ ਦੀ ਸ਼ਿਕਾਇਤ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰ ਪ੍ਰਕਾਰ ਦੀ ਤਿਆਰੀ ਕੀਤੀ ਗਈ ਹੈ।
ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ, ਏਡੀਸੀ ਜਨਰਲ ਡਾ ਮਨਦੀਪ ਕੌਰ, ਏਡੀਸੀ ਵਿਕਾਸ ਸੁਭਾਸ਼ ਚੰਦਰ ਐਸਡੀਐਮ ਕੰਵਰਜੀਤ ਸਿੰਘ ਮਾਨ ਅਤੇ ਵੀਰਪਾਲ ਕੌਰ ਵੀ ਹਾਜ਼ਰ ਸਨ।
(For more news apart from Punjab Mann government became shield people in difficult times, Tarunpreet Saund and Dr. Baljit Kaur visit Fazilka News in Punjabi, stay tuned to Rozana Spokesman)