
ਬੈਂਸ ਨੇ ਅਦਾਲਤ ਵਿਚ ਭਗੌੜਾ ਐਲਾਨੇ ਜਾਣ ਵਿਰੁੱਧ, ਅਗਾਊਂ ਜ਼ਮਾਨਤ ਦੀ ਪਟੀਸ਼ਨ ਅਤੇ CBI ਜਾਂਚ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਸੀ
ਚੰਡੀਗੜ੍ਹ: ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਦੀਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਬੈਂਸ ਨੇ ਅਦਾਲਤ ਵਿਚ ਭਗੌੜਾ ਐਲਾਨੇ ਜਾਣ ਵਿਰੁੱਧ, ਅਗਾਊਂ ਜ਼ਮਾਨਤ ਦੀ ਪਟੀਸ਼ਨ ਅਤੇ CBI ਜਾਂਚ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਕੀਤੀ ਹੈ।
ਇਸ ਤੋਂ ਪਹਿਲਾਂ ਬੈਂਸ ਨੇ ਲੁਧਿਆਣਾ ਦੀ ਤਤਕਾਲੀ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਨੇ ਲੁਧਿਆਣਾ ਅਦਾਲਤ ਨੂੰ ਕਿਹਾ ਕਿ ਸਿਮਰਜੀਤ ਬੈਂਸ ਬੈਂਕ ਖਾਤੇ ਜਾਂ ਜ਼ਮੀਨ-ਜਾਇਦਾਦ ਨੂੰ ਅਟੈਚ ਕੀਤਾ ਜਾਵੇ ਅਤੇ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਬਰ ਜ਼ਨਾਹ ਮਾਮਲੇ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਆਤਮਾ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਣੇ 7 ਲੋਕਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੋਸਟਰ ਵੀ ਲਗਾਏ ਗਏ ਹਨ। ਲੋੜੀਂਦੇ ਐਲਾਨੇ ਗਏ ਸੱਤ ਵਿਅਕਤੀਆਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ।