
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਹੁਣ ਠੀਕ ਹਨ ਅਤੇ ਪੂਰੀ ਚੜਦੀਕਲਾ ਵਿਚ ਹਨ।
ਪਟਿਆਲਾ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਕਰੀਬ 30 ਮਿੰਟ ਤੋਂ ਜ਼ਿਆਦਾ ਸਮਾਂ ਚੱਲੀ ਦੌਰਾਨ ਉਹਨਾਂ ਨੇ ਨਵਜੋਤ ਸਿੱਧੂ ਦੀ ਸਿਹਤ ਬਾਰੇ ਜਾਣਿਆ। ਮੀਡੀਆ ਨਾਲ ਗੱਲ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਹੁਣ ਠੀਕ ਹਨ ਅਤੇ ਪੂਰੀ ਚੜਦੀਕਲਾ ਵਿਚ ਹਨ। ਉਹ ਪੀਜੀਆਈ ਤੋਂ ਅਪਣੇ ਟੈਸਟ ਕਰਵਾ ਕੇ ਆਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਅਜੇ ਆਉਣੀਆਂ ਹਨ।
ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਬਾਜਵਾ ਨੇ ਕਿਹਾ ਕਿ ਜਦੋਂ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਵਿਰੋਧੀ ਧਿਰ ਅਪਣੇ ਮੁੱਖ ਮੰਤਰੀ ਕੋਲ ਜਾਂਦੀ ਹੈ। ਉਹਨਾਂ ਕਿਹਾ ਕਿ ਸਾਡਾ ਮਕਸਦ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਸੀ ਕਿ ਉਹਨਾਂ ਦੇ ਪੁੱਤਰ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਕੋਲੋਂ ਕਰਵਾਉਣ ਲਈ ਪੂਰਾ ਜ਼ੋਰ ਪਾਇਆ ਜਾਵੇਗਾ। ਮੁੱਖ ਮੰਤਰੀ ਨੂੰ ਮਿਲਣ ਪਿੱਛੇ ਇਹੀ ਮਕਸਦ ਸੀ। ਇਸ ਤੋਂ ਇਲਾਵਾ ਦੂਜਾ ਕਾਰਨ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਣਾ ਹੈ।
ਪ੍ਰਤਾਪ ਬਾਜਵਾ ਨੇ ਕਿਹਾ ਹੁਣ ਜੇਕਰ ਭਗਵੰਤ ਮਾਨ ਸਾਨੂੰ ਬੁਲਾਉਂਦੇ ਵੀ ਹਨ ਤਾਂ ਵੀ ਅਸੀ ਨਹੀਂ ਜਵਾਗੇ। ਕਾਂਗਰਸ ਵੱਲੋਂ ਅਸੀਂ ਭਗਵੰਤ ਮਾਨ ਦਾ ਬਾਈਕਾਟ ਕਰਾਂਗੇ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਬਾਕਾ ਪ੍ਰਧਾਨ ਨਵਜੋਤ ਸਿੱਧੂ ਇਸ ਸਮੇਂ ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਹਨ। ਸੁਪਰੀਮ ਕੋਰਟ ਨੇ ਉਹਨਾਂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। ਬੀਤੇ ਦਿਨੀਂ ਸਿੱਧੂ ਦੀ ਸਿਹਤ ਵਿਗੜੀ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਸੀ।