
ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਦੋ ਭਰਾਵਾਂ ਅਤੇ ਚਾਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤਾ ਕਤਲ ਦਾ ਕੇਸ
Ferozepur News : ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਥਾਣੇ ਅਧੀਨ ਪੈਂਦੇ ਪਿੰਡ ਫੇਸੀਵਾਲਾ ਨੇੜੇ 19 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਦੋ ਭਰਾਵਾਂ ਅਤੇ ਚਾਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਬੇਅੰਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਸੁੰਡਾ ਦਾ ਵਸਨੀਕ ਹੈ। ਕੁਝ ਸਮਾਂ ਪਹਿਲਾਂ ਉਸ ਦੀ ਆਪਣੇ ਹੀ ਪਿੰਡ ਦੇ ਕੁਝ ਲੋਕਾਂ ਨਾਲ ਲੜਾਈ ਹੋ ਗਈ ਸੀ।
ਜਿਸ ਦੀ ਰੰਜਿਸ਼ ਕਾਰਨ ਦੇਰ ਰਾਤ ਪਿੰਡ ਪੀਰ ਮੁਹੰਮਦ ਦੇ ਕੁਝ ਵਿਅਕਤੀਆਂ ਨੇ ਉਸ ਦੇ ਪੁੱਤਰ ਬੇਅੰਤ ਸਿੰਘ 'ਤੇ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਨੂੰ ਜਾ ਰਿਹਾ ਸੀ। ਆਰੋਪੀਆਂ ਨੇ ਉਸ ਦੇ ਬੇਟੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਦੂਜੇ ਪਾਸੇ ਮੱਖੂ ਥਾਣਾ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਪ੍ਰਗਟ ਸਿੰਘ, ਲਵਪ੍ਰੀਤ ਸਿੰਘ ਵਾਸੀ ਪਿੰਡ ਪੀਰ ਮੁਹੰਮਦ ਅਤੇ ਚਾਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।