
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਅਤੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਨ ਬਾਰੇ ਅਪਣੇ ਫ਼ੈਸਲੇ ਦੀ ਪੁਰਜ਼ੋਰ ਹਮਾਇਤ ਕਰਦਿਆਂ ..............
ਜਹਾਨ ਖੇਲਾਂ (ਹੁਸ਼ਿਆਰਪੁਰ/ਗੜ੍ਹਦੀਵਾਲਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਅਤੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਨ ਬਾਰੇ ਅਪਣੇ ਫ਼ੈਸਲੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਹਾ ਕਿ ਇਹਤਿਆਤ ਵਜੋਂ ਅਜਿਹੇ ਟੈਸਟ ਫ਼ੌਜ ਵਿਚ ਵੀ ਹੁੰਦੇ ਹਨ। ਪੁਲਿਸ ਭਰਤੀ ਸਿਖਲਾਈ ਕੇਂਦਰ ਵਿਖੇ ਪਾਸਿੰਗ ਆਊਟ ਪਰੇਡ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਹਾਲਤ ਨੂੰ ਵੇਖਦਿਆਂ ਅਜਿਹੇ ਸਖ਼ਤ ਕਦਮ ਚੁੱਕੇ ਗਏ ਹਨ ਕਿਉਂਕਿ ਨਸ਼ੀਲੇ ਪਦਾਰਥਾਂ ਦੀ ਘਾਟ ਅਤੇ ਕੀਮਤਾਂ ਜ਼ਿਆਦਾ ਹੋਣ ਕਰ ਕੇ ਨਸ਼ੇ ਦੇ ਆਦੀ ਬਣਾਉਟੀ ਨਸ਼ਿਆਂ ਦੀ ਵਰਤੋਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਮਾਫ਼ੀਏ 'ਤੇ ਸੂਬਾ ਸਰਕਾਰ ਦਾ ਦਬਾਅ ਵਧਣ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਟੁੱਟੀ ਹੈ ਜਿਸ ਕਰ ਕੇ ਨਸ਼ੇ ਦੇ ਆਦੀ ਮਜਬੂਰਨ ਬਣਾਉਟੀ ਨਸ਼ੇ ਦਾ ਸੇਵਨ ਕਰ ਲੱਗੇ ਪਏ ਤੇ ਇਸ ਦੇ ਨਤੀਜੇ ਵਜੋਂ ਮੌਤਾਂ ਹੋਈਆਂ ਹਨ। ਮੁੱਖ ਮੰਤਰੀ ਨੇ ਮੁੜ ਕਿਹਾ ਕਿ ਜਿਥੋਂ ਤਕ ਸਿਆਸਤਦਾਨਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਡੋਪ ਟੈਸਟ ਦਾ ਸਵਾਲ ਹੈ, ਇਹ ਫ਼ੈਸਲਾ ਉਨ੍ਹਾਂ ਦੀ ਅੰਤਰ-ਆਤਮਾ 'ਤੇ ਛਡਿਆ ਹੈ। ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਦੇ ਪਹਿਲੇ ਜੁਰਮ ਵਿਚ ਹੀ ਫਾਂਸੀ ਦੀ ਸਜ਼ਾ ਦਿਤੇ ਜਾਣ ਦੇ ਪ੍ਰਸਤਾਵ ਦਾ ਉਦੇਸ਼
ਇਸ ਅਲਾਮਤ ਨੂੰ ਖ਼ਤਮ ਕਰਨਾ ਹੈ। ਸੂਬੇ ਵਿਚ ਗੈਂਗਸਟਰਾਂ ਦੀ ਸਮੱਸਿਆ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਕੀਮਤ 'ਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਗੈਂਗਸਟਰਾਂ ਦਾ ਖ਼ਾਤਮਾ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਇਹ ਰਾਹ ਛੱਡ ਦੇਣ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਚਿਤਾਵਨੀ ਦਿਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਪੁਲਿਸ ਵਿਭਾਗ ਲਈ ਉਨ੍ਹਾਂ ਵਲੋਂ ਐਲਾਨੀ ਇਕ ਰੈਂਕ ਦੀ ਤਰੱਕੀ ਮੌਜੂਦਾ ਸਮੇਂ ਸਿਰਫ਼ ਰੈਂਕ ਦੀ ਤਰੱਕੀ ਰਹੇਗੀ ਜਦਕਿ ਸਰਕਾਰ ਇਨ੍ਹਾਂ ਦੀ ਤਨਖ਼ਾਹ ਵਧਾਉਣ ਬਾਰੇ ਵੀ ਰਾਹ ਤਲਾਸ਼ੇਗੀ। ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੁੰਦਰ ਸ਼ਾਮ ਅਰੋੜਾ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ।