
ਐਸ.ਸੀ/ਐਸ.ਟੀ. ਵਜ਼ੀਫ਼ਾ ਸਕੀਮਾਂ ਤੋਂ ਭੱਜ ਰਹੀਆਂ ਹਨ ਕੇਂਦਰ ਤੇ ਸੂਬਾ ਸਰਕਾਰਾਂ: ਆਪ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਨੁਸੂਚਿਤ ਜਾਤੀਆਂ ਦੇ ਪਰਵਾਰਾਂ ਨਾਲ ਸਬੰਧਿਤ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ ਮੋਦੀ ਸਰਕਾਰ ਵਲੋਂ ਬਦਲੇ ਗਏ ਫਾਰਮੂਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਮਨਮਾਨੀਆਂ ਨੇ ਸਾਬਤ ਕਰ ਦਿਤਾ ਹੈ ਕਿ ਦਲਿਤ ਵਰਗ ਅਤੇ ਉਨ੍ਹਾਂ ਦੀ ਅਗਲੀ ਪੀੜ੍ਹੀ ਭਾਜਪਾ-ਅਕਾਲੀ ਦਲ ਅਤੇ ਕਾਂਗਰਸ ਦੇ ਏਜੰਡੇ ’ਤੇ ਹੀ ਨਹੀਂ ਹਨ।
Harpal Cheema
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਲਿਤ ਵਿਦਿਆਰਥੀਆਂ ਨਾਲ ਸਬੰਧਿਤ ਵਜ਼ੀਫ਼ਾ ਸਕੀਮਾਂ ਤੋਂ ਪੱਲਾ ਛਾੜ ਕੇ ਦਲਿਤ ਵਿਰੋਧੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ, ਜੋ 21ਵੀਂ ਸਦੀ ਦੇ ਆਧੁਨਿਕ ਯੁੱਗ ’ਚ ਸ਼ੋਭਾ ਨਹੀਂ ਦਿੰਦਾ ਅਤੇ ਆਮ ਆਦਮੀ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ। ਚੀਮਾ ਨੇ ਕਿਹਾ ਕਿ ਸਪੱਸ਼ਟ ਹੈ ਕਿ ਅਕਾਲੀ ਦਲ ਦੀ ਹਿੱਸੇਦਾਰੀ ਵਾਲੀ ਕੇਂਦਰ ਦੀ ਮੋਦੀ ਸਰਕਾਰ ਅਪਣੀਆਂ ਵਿੱਤੀ ਜ਼ਿੰਮੇਵਾਰੀਆਂ ਸੂਬਾ ਸਰਕਾਰਾਂ 'ਤੇ ਥੋਪ ਕੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰ ਰਹੀ ਹੈ,
ਕਿਉਂਕਿ ਇਹ ਕੰਧ 'ਤੇ ਲਿਖਿਆ ਸੱਚ ਹੈ ਕਿ ਜੋ ਸੂਬਾ ਸਰਕਾਰ ਐਸ.ਸੀ. ਵਜ਼ੀਫ਼ਾ ਸਕੀਮਾਂ 'ਚ ਅਪਣੇ ਹਿੱਸੇ ਦਾ 10 ਪ੍ਰਤੀਸ਼ਤ ਹਿੱਸਾ ਸਮੇਂ ਸਿਰ ਨਹੀਂ ਪਾ ਰਹੀ, ਉਹ ਨਵੇਂ 60:40 ਫ਼ਾਰਮੂਲੇ ਤਹਿਤ 40 ਪ੍ਰਤੀਸ਼ਤ ਹਿੱਸਾ ਕਿਥੋਂ ਪਾ ਦਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੇਕਰ ਦਲਿਤ ਵਿਦਿਆਰਥੀਆਂ ਪ੍ਰਤੀ ਸੰਜੀਦਾ ਹੁੰਦੇ ਤਾਂ ਪੋਸਟ ਮੈਟ੍ਰਿਕ ਅਤੇ ਅੰਡਰ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਦੇ ਲਾਭਪਾਤਰੀ ਦਲਿਤ ਵਿਦਿਆਰਥੀਆਂ ਦਾ ਪਿਛਲੇ ਤਿੰਨ ਸਾਲਾਂ ਦਾ 1000 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੁਣ ਤੱਕ ਨਾ ਖੜ੍ਹਾ ਹੁੰਦਾ।
AAP
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਮਸਲਾ ਤੁਰਤ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਨਿੱਜੀ ਪਹੁੰਚ ਕਰਨੀ ਚਾਹੀਦੀ ਹੈ, ਮੋਦੀ ਸਰਕਾਰ ’ਤੇ ਦਬਾਅ ਪਾਉਣ ਲਈ 'ਆਪ' ਵੀ ਇਹ ਮੁੱਦਾ ਸੰਸਦ ਦੇ ਦੋਵਾਂ ਸਦਨਾਂ ’ਚ ਉਠਾਏਗੀ ਅਤੇ ਪੰਜਾਬ ਵਿਧਾਨ ਸਭਾ ’ਚ ਕਾਂਗਰਸ ਦੇ ਨਾਲ-ਨਾਲ ਅਕਾਲੀ-ਭਾਜਪਾ ਦੇ ਵਿਧਾਇਕਾਂ ਨੂੰ ਘੇਰੇਗੀ।