
ਕੋਵਿਡ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ ਹਵਾਲਾ ਦਿੰਦਿਆਂ ਪੰਜਾਬ
ਚੰਡੀਗੜ੍ਹ, 9 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਹਿੱਤਾਂ ਅਤੇ ਸੁਰੱਖਿਆ ਲਈ ਯੂਨੀਵਰਸਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਵਾਉਣ ਦੀ ਮੰਗ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਯੂਨੀਵਰਸਟੀਆਂ/ਕਾਲਜਾਂ ਵਲੋਂ ਸਤੰਬਰ ਤਕ ਲਾਜ਼ਮੀ ਤੌਰ 'ਤੇ ਅੰਤਿਮ ਪ੍ਰੀਖਿਆਵਾਂ ਲਏ ਜਾਣ ਸਬੰਧੀ 6 ਜੁਲਾਈ ਦੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਯੂਨੀਵਰਸਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰਨਗੇ।
Captain amrinder Singh
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੋਵਿਡ ਮਾਮਲੇ ਰੋਜ਼ਾਨਾ ਵਧ ਰਹੇ ਹਨ ਅਤੇ ਸਤੰਬਰ ਵਿਚ ਇਸ ਦਾ ਸਿਖਰ ਹੋਣ ਦੇ ਕਿਆਸ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਉਹ ਵਿਦਿਆਰਥੀਆਂ ਦੇ ਜੀਵਨ ਨੂੰ ਜ਼ੋਖਮ ਵਿਚ ਪਾਉਣ ਲਈ ਤਿਆਰ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਅਧਾਰ 'ਤੇ ਡਿਗਰੀਆਂ/ਡਿਪਲੋਮੇ ਦੇਣ ਅਤੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੇ ਅਪਣੇ ਫ਼ੈਸਲੇ ਦਾ ਪਹਿਲਾਂ ਹੀ ਐਲਾਨ ਕਰ ਦਿਤਾ ਸੀ ਅਤੇ ਅਪਣੀ ਕਾਰਗੁਜ਼ਾਰੀ ਵਿਚ ਸੁਧਾਰ ਕਰਨ ਦੇ ਇਛੁੱਕ ਵਿਦਿਆਰਥੀਆਂ ਨੂੰ ਹਾਲਾਤ ਸੁਖਾਵੇਂ ਹੋਣ 'ਤੇ ਪ੍ਰੀਖਿਆ ਦੇਣ ਦੀ ਆਗਿਆ ਦਿਤੀ ਜਾਵੇਗੀ।