
9 ਜੁਲਾਈ ਦੇ ਵੱਧ ਤੋਂ ਵੱਧ ਤਾਪਮਾਨ ਨੇ ਕਰੀਬ 52 ਸਾਲਾਂ ਦੇ ਰਿਕਾਰਡ ਤੋੜੇ
ਚੰਡੀਗੜ੍ਹ - ਪਹਾੜਾਂ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਪੰਜਾਬ 'ਚ ਪਿਛਲੇ 3 ਦਿਨਾਂ ਤੋਂ ਬਾਰਿਸ਼ ਹੋ ਰਹੀ ਹੈ, ਉੱਥੇ ਹੀ ਮੌਸਮ ਵਿਭਾਗ ਨੇ ਅਗਲੇ 4 ਤੋਂ 5 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਨੇ ਪਿਛਲੇ ਕਰੀਬ 52 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਕਾਫ਼ੀ ਸਰਗਰਮ ਹੈ। ਅਗਲੇ 4 ਤੋਂ 5 ਦਿਨਾਂ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਮੀਂਹ ਨੂੰ ਫ਼ਸਲਾਂ ਲਈ ਨੁਕਸਾਨਦਾਇਕ ਵੀ ਦੱਸਿਆ ਹੈ।
ਖਾਸ ਕਰਕੇ ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਝੋਨਾ ਨਹੀਂ ਬੀਜਿਆ, ਉਨ੍ਹਾਂ ਨੂੰ ਕੁਝ ਦਿਨ ਉਡੀਕ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਗਿਆਨੀ ਨੇ ਖੁਲਾਸਾ ਕੀਤਾ ਕਿ 9 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ ਸੀ, ਜਦੋਂ ਕਿ ਆਮ ਤਾਪਮਾਨ 34.8 ਡਿਗਰੀ ਸੈਲਸੀਅਸ ਦੇ ਆਸਪਾਸ ਹੈ। ਇਹ 1970 ਤੋਂ ਬਾਅਦ 9 ਜੁਲਾਈ ਦਾ ਤਾਪਮਾਨ ਸਭ ਤੋਂ ਘੱਟ ਹੈ। ਜਦਕਿ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ, ਜੋ ਕਿ 26.8 ਡਿਗਰੀ ਸੈਲਸੀਅਸ ਦੇ ਆਸ-ਪਾਸ ਆਮ ਹੈ।