
ਪੰਜਾਬ ਵਿੱਚ ਪ੍ਰਦੂਸ਼ਣ ਮੁਕਤ ਉਦਯੋਗਾਂ ਨੂੰ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ................
ਫ਼ਤਹਿਗੜ੍ਹ ਸਾਹਿਬ : ਪੰਜਾਬ ਵਿੱਚ ਪ੍ਰਦੂਸ਼ਣ ਮੁਕਤ ਉਦਯੋਗਾਂ ਨੂੰ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮ: ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪੈਗਰੋ ਇੰਡਸਟਰੀ ਵੱਡੀ ਪੱਧਰ 'ਤੇ ਕੰਟਰੈਕਟ ਫਾਰਮਿੰਗ ਰਾਹੀਂ ਕਿਸਾਨਾਂ ਤੋਂ ਸਬਜ਼ੀਆਂ ਬਿਜਵਾ ਕੇ ਉਨ੍ਹਾਂ ਨੂੰ ਡੱਬਾਬੰਦ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਭੇਜਦੀ ਹੈ।
ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਬੜਾਵਾ ਦੇਵੇਗੀ ਜਿਸ ਨਾਲ ਜਿਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਲਾਹੇਵੰਦ ਭਾਅ ਮਿਲਣਗੇ ਉਥੇ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਸ਼੍ਰੀ ਸੋਨੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ ਕੋਇਲੇ ਨਾਲ ਚੱਲਣ ਵਾਲੀਆਂ ਸਾਰੀਆਂ ਰੋਲਿੰਗ ਮਿਲਾਂ ਨੂੰ ਆਉਂਦੇ 6 ਮਹੀਨਿਆਂ ਵਿੱਚ ਪੀਐਨਜੀ ਗੈਸ ਨਾਲ ਜੋੜ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਤੋਂ ਵੱਧ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਇਆ ਜਾਵੇਗਾ।
ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਰੋਪੜ ਦੀਆਂ ਉਦਯੋਗਿਕ ਇਕਾਈਆਂ ਨੂੰ ਵੀ ਪ੍ਰਦੂਸ਼ਣ ਮੁਕਤ ਕਰਨ ਲਈ ਪੀਐਨਜੀ ਗੈਸ ਨਾਲ ਜੋੜਨ ਦੀ ਪਹਿਲਕਦਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਸੀਵਰੇਜ ਵਿਛਾਉਣ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਸਾਰੇ ਹੀ ਸ਼ਹਿਰਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣੇ ਵੀ ਯਕੀਨੀ ਬਣਾਏ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਪੜਾਈ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਅਧਿਆਪਕ ਨੂੰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਵਾਤਾਵਰਣ ਮੰਤਰੀ ਨੇ ਪੈਗਰੋ ਇੰਡਸਟਰੀ ਦੇ ਪਾਰਕ ਵਿੱਚ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਪੈਗਰੋ ਇੰਡਸਟਰੀ ਦੇ ਸੀ.ਈ.ਓ. ਸਰਤਾਜ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੀ ਇੰਡਸਟਰੀ ਵੱਲੋਂ 3500 ਏਕੜ ਰਕਬੇ ਵਿੱਚ ਕੰਟਰੈਕਟ ਫਾਰਮਿੰਗ ਕਰਵਾਈ ਜਾਂਦੀ ਹੈ ਅਤੇ ਕਿਸਾਨ ਸਾਲ ਵਿੱਚ ਤਿੰਨ ਫਸਲਾਂ ਦੀ ਪੈਦਾਵਾਰ ਕਰਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ 5500 ਲੋੜਵੰਦਾਂ ਨੂੰ ਸਿੱਧੇ ਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ: ਐਸ.ਐਸ. ਮਰਵਾਹਾ, ਮੈਂਬਰ ਸਕੱਤਰ ਇੰਜ: ਕਰੁਨੇਸ਼ ਗਰਗ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਪੈਗਰੋ ਦੇ ਵਾਤਾਵਰਣ ਇੰਜਨੀਅਰ ਸ਼੍ਰੀ ਆਰ.ਕੇ. ਨਈਅਰ, ਤਹਿਸੀਲਦਾਰ ਸ. ਗੁਰਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਸਨ।