
Punjab News: ਮਿਊਂਸਪਲ ਚੋਣਾਂ ਪੰਚਾਇਤੀ ਚੋਣਾਂ ਦੇ ਨਾਲ ਹੀ ਹੋਣੀਆਂ ਹਨ।
The Punjab government has started preparations for the municipal elections: ਪੰਚਾਇਤ ਚੋਣਾਂ ਤੋਂ ਇਲਾਵਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਿਉਂਸਪਲ ਚੋਣਾਂ ਦੀ ਤਿਆਰੀ ਵੀ ਸ਼ੁਰੂ ਕਰ ਦਿਤੀ ਹੈ। ਪੰਚਾਇਤੀ ਚੋਣਾਂ ਦੇ ਨਾਲ ਹੀ ਹੋਣੀਆਂ ਹਨ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿਤੇ ਕਿ ਵਿਕਾਸ ਕਾਰਜਾਂ ਵਿਚ ਗੁਣੱਵਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ਵਿਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਅਤੇ 49 ਸ਼ਹਿਰੀ ਸਥਾਨਕ ਇਕਾਈਆਂ ਵਿਚ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਬਲਕਾਰ ਸਿੰਘ ਵਲੋਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਵੀ ਸੀਵੇਰਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ਵਿਚ ਦਿੱਕਤ ਪੇਸ਼ ਆ ਰਹੀ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਯੋਗ ਜਗ੍ਹਾ ਦੀ ਚੋਣ ਕੀਤੀ ਜਾਣੀ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸੁਪਨਾ ਹੈ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਅਪਣੇ ਅਧੀਨ ਆਉਂਦੇ ਏਰੀਏ ਅਧੀਨ ਰੋਜ਼ਾਨਾ ਸਾਫ਼-ਸਫਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘੱਟਨਾ ਤੋਂ ਨਜਿੱਠਣ ਲਈ ਜਿਲਾ ਪ੍ਰਸ਼ਾਸਨ ਨਾਲ ਤਾਲਮੇਲ ਰਖਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵੈਕਟਰ ਬੋਰਨ ਬੀਮਾਰੀਆਂ ਨੂੰ ਨਜਿੱਠਣ ਲਈ ਵੀ ਯੋਗ ਉਪਰਾਲੇ ਕੀਤੇ ਜਾਣ।