
ਜੰਮੂ ਕਸ਼ਮੀਰ ਦੀ ਭਾਸ਼ਾ ਸੂਚੀ ਵਿਚੋਂ ਪੰਜਾਬੀ ਨੂੰ ਬਾਹਰ ਕੱਢਣ ਨਾਲ ਅਕਾਲੀਆਂ ਦਾ ਚਿਹਰਾ ਹੋਇਆ ਬੇਨਕਾਬ : ਬਰਿੰਦਰ ਢਿੱਲੋਂ
ਚੰਡੀਗੜ੍ਹ, 9 ਸਤੰਬਰ (ਨੀਲ ਭਲਿੰਦਰ) : ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਜੰਮੂ ਕਸ਼ਮੀਰ ਦੀ ਭਾਸ਼ਾ ਸੂਚੀ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ ਉੱਤੇ ਅਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਇਸ ਨੂੰ ਮੋਦੀ ਸਰਕਾਰ ਵੱਲੋ ਘੱਟ ਗਿਣਤੀਆਂ ਅਤੇ ਖੇਤਰੀ ਭਾਸ਼ਾਵਾਂ ਉੱਤੇ ਹਮਲਾ ਕਰਾਰ ਦਿਤਾ ਹੈ। ਉਨ੍ਹਾਂ ਨੇ ਕਸ਼ਮੀਰੀ ਡੋਗਰੀ ਅਤੇ ਹਿੰਦੀ ਨੂੰ ਜੰਮੂ ਕਸ਼ਮੀਰ ਦੇ ਭਾਸ਼ਾ ਸੋਚੀ ਵਿੱਚ ਸ਼ਾਮਲ ਕਰਨ ਦੇ ਬਿੱਲ ਦਾ ਵਿਰੋਧ ਕੀਤਾ। ਮੀਡੀਆ ਨੂੰ ਜਾਰੀ ਬਿਆਨ ਵਿਚ ਢਿੱਲੋਂ ਨੇ ਕਿਹਾ ਕਿ ਅਜਿਹਾ ਕਰ ਕੇ ਮੋਦੀ ਸਰਕਾਰ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ ਅਤੇ ਅਜਿਹੇ ਫ਼ੈਸਲੇ ਨੂੰ ਫੌਰੀ ਤੌਰ 'ਤੇ ਵਾਪਸ ਲਿਆ ਜਾਣਾ ਚਾਹੀਦਾ ਹੈ। ਇਸ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਚੁੱਪੀ ਉਤੇ ਸਵਾਲ ਖੜ੍ਹੇ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਅਪਣੇ ਰਾਜਸੀ ਮੁਫ਼ਾਦਾਂ ਲਈ ਹਮੇਸ਼ਾ ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿਤਾਂ ਨਾਲ ਧਰੋਹ ਕਮਾਇਆ ਹੈ ਅਤੇ ਇਕ ਵਾਰ ਫਿਰ ਉਨ੍ਹਾਂ ਦਾ ਪੰਜਾਬ ਤੇ ਪੰਜਾਬੀ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ।
image