
ਸਿਹਤ ਵਿਭਾਗ 'ਚ 21 ਮਾਹਰ ਡਾਕਟਰਾਂ ਦੀ ਹੋਈ ਨਿਯੁਕਤੀ
ਚੰਡੀਗੜ੍ਹ, 9 ਸਤੰਬਰ (ਸੁਖਦੀਪ ਸਿੰਘ ਸੋਈਾ) : ਪੰਜਾਬ ਦੇ ਸਿਹਤ ਤੇ ਪ੍ਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ 21 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ | ਇਨ੍ਹਾਂ ਵਿਚ ਇਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟਿ੍ਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇਕ ਛਾਤੀ ਅਤੇ ਟੀਬੀ ਮਾਹਰ, ਇਕ ਕਮਿਊਨਿਟੀ ਮੈਡੀਸਨ ਮਾਹਰ ਅਤੇ 2 ਫ਼ੌਰੈਂਸਿਕ ਮੈਡੀਸਨ ਸਪੈਸ਼ਲਿਸਟ ਸ਼ਾਮਲ ਹਨ |
ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਸਿਹਤ ਵਿਭਾਗ ਨੇ ਚੱਲ ਰਹੀ ਭਰਤੀ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਘਰ ਘਰ ਰੁਜ਼ਗਾਰ ਯੋਜਨਾ' ਅਧੀਨ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਉਣ ਲਈ ਇਕ ਵਿਸ਼ੇਸ਼ ਪਹਿਲਕਦਮੀ ਦੀ ਕਲਪਨਾ ਕੀਤੀ ਸੀ | ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਸਿੱਧੂ ਨੇ ਸਿਹਤ ਵਿਭਾਗ 'ਚ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਵਧਾਈ ਦਿਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਅਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਤ ਕੀਤਾ | ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ ਨੇ ਸਿਹਤ ਵਿਭਾਗ ਵਿਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਸਟਾਫ਼ ਨੂੰ ਜੀ ਆਇਆਂ ਆਖਿਆ |