
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁਛਿਆ
'ਖੇਤੀ ਬਿਲਾਂ 'ਤੇ ਟਿੱਪਣੀ ਕਰਨ ਤੋਂ ਪਹਿਲਾਂ ਤੁਸੀਂ ਮੇਰੇ ਤਿੰਨ ਸਵਾਲਾਂ ਦੇ ਜਵਾਬ ਦਿਉ'
ਚੰਡੀਗੜ੍ਹ, 9 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ 'ਤੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਉੱਪਰ ਸਵਾਲ ਕਰਨ ਦੇ ਨੈਤਿਕ ਹੱਕ ਨੂੰ ਚੁਣੌਤੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਸ ਮੁੱਦੇ 'ਤੇ ਪਹਿਲਾਂ ਉਨ੍ਹਾਂ ਦੇ ਤਿੰਨ ਮੁੱਖ ਸਵਾਲਾਂ ਦੇ ਜਵਾਬ ਦੇਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਵੱਲੋਂ ਆਪਣੀ ਪਾਰਟੀ ਦੇ ਏਜੰਡੇ ਨੂੰ ਥੋਪਣ ਲਈ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਆਲੋਚਨਾ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਕਾਲੇ ਖੇਤੀ ਕਾਨੂੰਨਾਂ 'ਤੇ ਉਦੋਂ ਤੱਕ ਕੋਈ ਵੀ ਟਿੱਪਣੀ ਨਹੀਂ ਕਰਨੀ ਚਾਹੀਦੀ, ਜਦੋਂ ਤੱਕ ਉਹ ਤਿੰਨ ਅਹਿਮ ਸਵਾਲਾਂ ਦੇ ਸੰਤੁਸ਼ਟੀਜਨਕ ਜਵਾਬ ਨਹੀਂ ਦੇ ਦਿੰਦੇ ਜਦਕਿ ਪੰਜਾਬ ਦਾ ਹਰ ਕਿਸਾਨ ਇਨ੍ਹਾਂ ਸਵਾਲਾਂ ਦੇ ਜਵਾਬ ਚੰਗੀ ਤਰ੍ਹਾਂ ਜਾਣਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਜਦੋਂ ਕੇਂਦਰੀ ਕੈਬਨਿਟ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਪਹਿਲੀ ਪ੍ਰਵਾਨਗੀ ਦਿੱਤੀ ਗਈ ਸੀ ਤਾਂ ਉਸ ਵੇਲੇ ਹਰਸਿਮਰਤ ਕੌਰ ਬਾਦਲ ਨੇ ਇਸ ਦਾ ਵਿਰੋਧ ਕਿਉਂ ਨਹੀਂ ਕੀਤਾ? ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਸਹਿਮਤੀ ਬਣਾਉਣ ਲਈ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਸੁਖਬੀਰ ਨੇ ਸੂਬਾ ਸਰਕਾਰ ਦਾ ਸਮਰਥਨ ਕਿਉਂ ਨਹੀਂ ਕੀਤਾ? ਇਨ੍ਹਾਂ ਖੇਤੀ ਕਾਨੂੰਨਾਂ ਉਪਰ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਗਿਆ ਸੀ ਤਾਂ ਭਾਜਪਾ ਨੂੰ ਛੱਡ ਕੇ ਬਾਕੀ ਪਾਰਟੀਆਂ ਮਤੇ ਦੇ ਹੱਕ ਵਿਚ ਭੁਗਤੀਆਂ ਪਰ ਅਕਾਲੀਆਂ ਨੇ ਸਦਨ ਦਾ ਬਾਈਕਾਟ ਕਿਉਂ ਕੀਤਾ?
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਸੁਖਬੀਰ ਅਤੇ ਹਰਸਿਮਰਤ ਪਾਸੋਂ ਕਈ ਵਾਰ ਇਹ ਸਵਾਲ ਪੁੱਛ ਚੁੱਕੇ ਹਨ ਪਰ ਅਕਾਲੀ ਲੀਡਰ ਇਨ੍ਹਾਂ ਦਾ ਜਵਾਬ ਦੇਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਦੋਵਾਂ ਕੋਲ ਆਪਣੇ ਕੀਤੇ ਦਾ ਜਵਾਬ ਦੇਣ ਲਈ ਕੋਈ ਅਧਾਰ ਨਹੀਂ ਬਚਿਆ ਅਤੇ ਇਨ੍ਹਾਂ ਦੀਆਂ ਇਹ ਕਾਰਵਾਈਆਂ ਹੀ ਸਥਿਤੀ ਨੂੰ ਅੱਜ ਇਸ ਹੱਦ ਤੱਕ ਲੈ ਆਈਆਂ ਹਨ ਕਿ ਕਿਸਾਨਾਂ ਦਾ ਸਾਰਾ ਦਾਰੋਮਦਾਰ ਹੀ ਦਾਅ 'ਤੇ ਲੱਗਾ ਹੋਇਆ ਹੈ।
ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਲੋਕਾਂ ਦੀ ਆਵਾਜ਼ ਸੁਣਨ ਬਾਰੇ ਕੀਤੀ ਗਈ ਅਖੌਤੀ ਅਪੀਲ 'ਤੇ ਪ੍ਰਤੀਕ੍ਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਨੇ ਪ੍ਰਧਾਨ ਮੰਤਰੀ ਨੂੰ ਉਸ ਵੇਲੇ ਕਿਸਾਨਾਂ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਯਾਦ ਕਿਉਂ ਨਹੀਂ ਦਿਵਾਈ ਜਦੋਂ ਕਿਸਾਨ ਭਾਈਚਾਰੇ ਨੂੰ ਤਬਾਹ ਕਰਨ ਲਈ ਉਹ ਭਾਜਪਾ ਨਾਲ ਘਿਉ-ਖਿਚੜੀ ਸਨ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁੱਛਿਆ, ''ਤੁਹਾਡੀ ਆਪਣੀ ਜ਼ਿੰਮੇਵਾਰੀ ਬਾਰੇ ਤੁਹਾਡਾ ਕੀ ਕਹਿਣਾ ਹੈ? ਕੀ ਤੁਸੀਂ ਇਹ ਮੰਨ ਰਹੇ ਹੋ ਕਿ ਤੁਸੀਂ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਵਿਚ ਕਦੇ ਵੀ ਸੰਵੇਦਨਾ ਜ਼ਾਹਰ ਨਹੀਂ ਕੀਤੀ ਸੀ?''
image
ਪ੍ਰਧਾਨ ਮੰਤਰੀ ਨੂੰ ਕਿਸਾਨਾਂ ਪ੍ਰਤੀ ਜ਼ਿੰਮੇਵਾਰੀ ਯਾਦ ਕਰਵਾਉਣ 'ਤੇ ਸੁਖਬੀਰ ਦਾ ਮਜ਼ਾਕ ਉਡਾਉਂਦਿਆਂ ਪੁਛਿਆ ਤੁਹਾਡਾ ਅਪਣੀ ਜ਼ਿੰਮੇਵਾਰੀ ਬਾਰੇ ਕੀ ਕਹਿਣਾ ਹੈ?