
ਭਾਈ ਤਾਰੂ ਸਿੰਘ ਦੀ ਤੀਜੀ ਜਨਮ ਸ਼ਤਾਬਦੀ ਮੌਕੇ ਸਮਾਗਮ
ਸਿੱਖ ਨੌਜੁਆਨ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਸੇਧ ਲੈ ਕੇ ਦਿਸ਼ਾ ਨਿਰਧਾਰਤ ਕਰਨ : ਗਿਆਨੀ ਹਰਪ੍ਰੀਤ ਸਿੰਘ
ਤਰਨ ਤਾਰਨ, ਭਿੱਖੀਵਿੰਡ, 9 ਅਕਤੂਬਰ (ਅਜੀਤ ਘਰਿਆਲਾ/ ਗੁਰਪਰਤਾਪ ਜੰਡ) : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਭਾਈ ਤਾਰੂ ਸਿੰਘ ਜੀ ਦੇ ਨਗਰ ਪੂਹਲਾ ਵਿਖੇ ਸਥਿਤ ਗੁਰਦਵਾਰਾ ਤਪ ਅਸਥਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ, ਜਿਸ ਵਿਚ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਨਾਲ ਜੋੜਿਆ।
ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਿੱਖ ਜਗਤ ਲਈ ਪ੍ਰੇਰਣਾ ਦਾ ਉਹ ਸੋਮਾ ਹੈ, ਜੋ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਆਖਿਆ ਕਿ ਅਜੋਕੀ ਸਿੱਖ ਨੌਜੁਆਨੀ ਅਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਦਿਸ਼ਾ ਨਿਰਧਾਰਤ ਕਰਨੀ ਚਾਹੀਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਪਣੇ ਸੰਬੋਧਨ ਦੌਰਾਨ ਸਿੱਖ ਕੌਮ ਨੂੰ ਇਕਜੁਟ ਹੋਣ ਦਾ ਸੰਦੇਸ਼ ਵੀ ਦਿਤਾ। ਉਨ੍ਹਾਂ ਆਖਿਆ ਕਿ ਵਰਤਮਾਨ ਸਮੇਂ ਅੰਦਰ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਦਾ ਇਕੋ ਇਕ ਹੱਲ ਕੌਮੀ ਏਕਤਾ ਹੀ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਸੰਗਤ ਨੂੰ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਦਿਹਾੜੇ ਦੀ ਵਧਾਈ ਦਿਤੀ, ਉਥੇ ਹੀ ਗੁਰਬਾਣੀ ਦੀ ਸੇਧ ਵਿਚ ਜੀਵਨ ਜਿਊਣ ਦੀ ਪ੍ਰੇਰਣਾ ਦਿਤੀ।