
ਬਿਕਰਮ ਮਜੀਠੀਆ ਤੋਂ ਇਲਾਵਾ ਹੋਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਅਕਾਲੀ ਦਲ ਨੇ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਕੀਤਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਦੇ ਨਾਲ ਬਿਕਰਮ ਮਜੀਠੀਆ ਤੋਂ ਇਲਾਵਾ ਹੋਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਇਸ ਦੌਰਾਨ ਸੁਖਬੀਰ ਬਾਦਲ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਬਹਿਸ ਦਾ ਚੈਲੰਜ ਦੇ ਕੇ ਖ਼ੁਦ ਭੱਜ ਗਏ ਹਨ ਅਤੇ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਉਨ੍ਹਾਂ ਨੇ ਕੇਜਰੀਵਾਲ ਅੱਗੇ ਗੋਡੇ ਟੇਕ ਦਿੱਤੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਗੱਲ ਕਰਨ ਵਾਲਿਆਂ 'ਤੇ ਆਮ ਆਦਮੀ ਪਾਰਟੀ ਤਸ਼ੱਦਦ ਕਰਦੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਮੁੱਖ ਮੰਤਰੀ ਨਾਲ ਮੁੱਦਿਆਂ 'ਤੇ ਬਹਿਸ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਪੁੱਜਿਆ ਸੀ। ਇੱਥੇ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।
ਅਕਾਲੀ ਵਰਕਰਾਂ ਨੂੰ ਖਦੇੜਨ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ। ਇਸ ਤੋਂ ਬਾਅਦ ਪੁਲਿਸ ਨੇ ਸੁਖਬੀਰ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ 'ਚ ਲਿਆ ਤੇ ਸੁਖਬੀਰ ਬਾਦਲ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਾਨ ਕਹਿੰਦੇ ਕੁੱਝ ਹਨ ਅਤੇ ਕਰਦੇ ਕੁੱਝ ਹਨ।