ਰਤਨ ਟਾਟਾ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖ਼ਰੀ ਸਾਹ ਲਿਆ
Ratan Tata death : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖ਼ਰੀ ਸਾਹ ਲਿਆ। ਅਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦੇਸ਼ ਵਿਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ।
ਉਨ੍ਹਾਂ ਨੇ ਟਾਟਾ ਸੰਨਜ਼ ਨੂੰ ‘ਗਲੋਬਲ ਪਾਵਰ ਹਾਊਸ’ ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ,ਜਿਸ ਨਾਲ ਦੇਸ਼ ਵਿਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਅਪਣੀ ਪਸੰਦ ਦੇ ਖੇਤਰ ਵਿਚ ਮੁਕਾਮ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਸਨਅਤੀ ਦਿੱਗਜ਼ ਦੀ ਮੌਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ ਕਿਉਂਕਿ ਉਨ੍ਹਾਂ ਦੇ ਤੁਰ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿਚ ਪੂਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲਿਜਾਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਰੋਬਾਰੀ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿਚ ਹੈ।