
ਡੇਰਾ ਪ੍ਰੇਮੀ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਸਵੇਰ ਸਮੇਂ ਆਪਣੀ ਡੇਅਰੀ ਖੋਲ੍ਹਣ ਲਈ ਜਾ ਰਿਹਾ ਸੀ।
ਕੋਟਕਪੂਰਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਸਵੇਰ ਸਮੇਂ ਆਪਣੀ ਡੇਅਰੀ ਖੋਲ੍ਹਣ ਲਈ ਜਾ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ 'ਤੇ ਸਵਾਰ ਪੰਜ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
ਮੌਕੇ 'ਤੇ ਪ੍ਰਦੀਪ ਸਿੰਘ ਦਾ ਗੰਨਮੈਨ ਵੀ ਉਸ ਦੇ ਨਾਲ ਸੀ। ਹਮਲਾਵਰਾਂ ਨੇ ਉਸ 'ਤੇ ਵੀ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਏ, ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਜਾਣਕਾਰੀ ਮੁਤਾਬਿਕ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਨਾਂਅ ਐੱਫਆਈਆਰ ਨੰਬਰ 63 'ਚ ਮੁਲਜ਼ਮ ਵਜੋਂ ਸ਼ਾਮਲ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਹੈ। ਫਿਲਹਾਲ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।
ਡੇਰਾ ਪ੍ਰੇਮੀ ਦੇ ਕਤਲ ਮਗਰੋਂ CM ਭਗਵੰਤ ਮਾਨ ਦਾ ਟਵੀਟ
ਇਸ ਮਗਰੋਂ ਮੁੱਖ ਮੰਤਰੀ ਭਗਵੰਤਮ ਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ, ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।