
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਫ਼ੀਸ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ
ਅੰਮ੍ਰਿਤਸਰ: ਕਰਤਾਰਪੁਰ ਸਾਹਿਬ ਵਿਖੇ ਬੁੱਧਵਾਰ ਨੂੰ ਕਰਤਾਰਪੁਰ ਲਾਂਘੇ ਦੀ ਤੀਜੀ ਵਰ੍ਹੇਗੰਢ ਮਨਾਈ ਗਈ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਅਧਿਕਾਰੀਆਂ ਨੇ ਭਾਰਤੀ ਸ਼ਰਧਾਲੂਆਂ ਨਾਲ ਕੇਕ ਕੱਟਣ ਕੱਟਿਆ। ਸੂਤਰਾਂ ਨੇ ਦੱਸਿਆ ਕਿ ਭਾਰਤੀ ਸ਼ਰਧਾਲੂਆਂ ਨੇ ਈਟੀਪੀਬੀ ਅਧਿਕਾਰੀਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰੇਕ ਸ਼ਰਧਾਲੂ 'ਤੇ ਲਗਾਈ ਜਾਣ ਵਾਲੀ 20 ਅਮਰੀਕੀ ਡਾਲਰ ਦੀ ਸੇਵਾ ਫ਼ੀਸ ਨੂੰ ਖ਼ਤਮ ਕਰਨ ਦਾ ਮੁੱਦਾ ਉਠਾਉਣ ਲਈ ਕਿਹਾ ਹੈ।
ਈਟੀਪੀਬੀ ਦੇ ਉਪ ਪ੍ਰਸ਼ਾਸਕ ਰਾਣਾ ਤਾਰਿਕ ਨੇ ਕਿਹਾ ਕਿ ਪਿਛਲੇ ਮਹੀਨੇ ਪਾਕਿਸਤਾਨ ਦੇ ਸੰਘੀ ਮੰਤਰੀ ਅਹਿਸਾਨ ਇਕਬਾਲ ਨੇ ਕਰਤਾਰਪੁਰ ਸਾਹਿਬ ਦਾ ਦੌਰਾ ਕੀਤਾ ਸੀ ਅਤੇ ਸੇਵਾ ਫ਼ੀਸ ਦਾ ਮੁੱਦਾ ਉਠਾਉਣ ਦਾ ਵਾਅਦਾ ਕੀਤਾ ਸੀ। ਸੇਵਾ ਫ਼ੀਸ ਇੱਕ ਵਿਵਾਦਪੂਰਨ ਮੁੱਦਾ ਰਿਹਾ ਹੈ ਅਤੇ ਭਾਰਤ ਲਗਾਤਾਰ ਇਸ ਨੂੰ ਖ਼ਤਮ ਕਰਨ ਦੀ ਮੰਗ ਕਰਦਾ ਰਿਹਾ ਹੈ। ਇੱਥੋਂ ਤੱਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਫ਼ੀਸ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਭਾਰਤ, ਪਾਕਿਸਤਾਨ, ਬੰਗਲਾਦੇਸ਼ ਏਕੀਕਰਨ ਅੰਦੋਲਨ ਦੇ ਸੰਸਥਾਪਕ ਮਦਨ ਲਾਲ ਨਰੂਲਾ ਸੇਵਾ ਫ਼ੀਸ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਪਿਛਲੇ 220 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਤਾਰਿਕ ਨੇ ਕਿਹਾ ਕਿ ਉਹ ਹਰ ਰੋਜ਼ ਭਾਰਤ ਤੋਂ 5,000 ਸ਼ਰਧਾਲੂ ਆਉਣ ਦੀ ਉਮੀਦ ਕਰ ਰਹੇ ਸਨ, ਪਰ ਫ਼ਿਲਹਾਲ ਇਹ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਪਾਸਪੋਰਟ ਰੱਖਣ ਦੀ ਧਾਰਾ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਸ਼ਰਧਾਲੂਆਂ ਨੂੰ ਆਧਾਰ ਕਾਰਡ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ। 9 ਨਵੰਬਰ, 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਨੇ ਆਪੋ-ਆਪਣੇ ਪਾਸੇ ਲਾਂਘੇ ਦਾ ਉਦਘਾਟਨ ਕੀਤਾ ਸੀ। ਪੀਐੱਮ ਮੋਦੀ ਨੇ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ ਸੀ।