
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਚ ਸੰਗਤ ਉਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਨੂੰ ਲੈ...
ਕੋਟਕਪੂਰਾ (ਸਸਸ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਚ ਸੰਗਤ ਉਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਬਰਗਾੜੀ ਵਿਚ 192 ਦਿਨ ਤੋਂ ਚੱਲ ਰਿਹਾ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰ ਦਿਤਾ ਗਿਆ ਸੀ। ਮੌਕੇ ਉਤੇ ਪਹੁੰਚੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਾਰਵਾਈ ਦੇ ਭਰੋਸੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।
ਬਾਜਵਾ ਨੇ ਸਰਕਾਰ ਵੱਲੋਂ ਬਰਗਾੜੀ ਕਾਂਡ ਦੇ ਜ਼ਖ਼ਮੀਆਂ ਨੂੰ ਮੁਆਵਜ਼ਾ ਅਤੇ ਬਰਗਾੜੀ ਦਾ ਨਾਮ ਬਦਲ ਕੇ ਬਰਗਾੜੀ ਸਾਹਿਬ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 1 ਜੂਨ ਤੋਂ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਚੱਲ ਰਿਹਾ ਸੀ। ਮੰਡ ਨੇ ਇਸ ਮੌਕੇ ਉਤੇ ਕਿਹਾ ਕਿ ਮੋਰਚਾ ਖ਼ਤਮ ਨਹੀਂ ਹੋਇਆ, ਸਗੋਂ ਅਗਲੇ ਪੜਾਅ ਤੱਕ ਮੁਲਤਵੀ ਕੀਤਾ ਗਿਆ ਹੈ। ਰੰਧਾਵਾ ਨੇ ਕਿਹਾ ਕਿ ਸਰਕਾਰ ਨੇ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਪੰਜਾਬ ਦੀਆਂ ਜੇਲ੍ਹਾਂ ਵਿਚ ਲੰਬੇ ਸਮੇਂ ਤੋਂ ਬੰਦ ਸਿੱਖਾਂ ਨੂੰ ਕਾਨੂੰਨ ਦੇ ਤਹਿਤ ਬਣਦਾ ਪੇਰੋਲ ਦਿਵਾਇਆ ਜਾ ਰਿਹਾ ਹੈ। ਬਰਗਾੜੀ ਸਮੇਤ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿਚ 20 ਤੋਂ ਜ਼ਿਆਦਾ ਨੂੰ ਨਾਮਜ਼ਦ ਕੀਤਾ ਗਿਆ ਹੈ। ਇਕ ਨੂੰ ਛੱਡ ਕੇ ਸਾਰੇ ਫੜੇ ਜਾ ਚੁੱਕੇ ਹਨ।