
ਪੰਜਾਬ ’ਚ ਹਰ ਰੋਜ਼ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।
ਸ੍ਰੀ ਮੁਕਤਸਰ ਸਾਹਿਬ: ਪੰਜਾਬ ’ਚ ਹਰ ਰੋਜ਼ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਹੋਰ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪਿੰਡ ਝਬੇਲਵਾਲੀ ਦੇ 51 ਸਾਲਾ ਕਿਸਾਨ ਜਸਵੰਤ ਸਿੰਘ ਜੱਸਾ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਸਪੁੱਤਰ ਭਿੰਦਰ ਸਿੰਘ ਭਿੰਦਾ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾ ਦਾ ਪਿਤਾ ਕਰਜ਼ੇ ਕਾਰਨ ਪਿਛਲੇ ਦਿਨਾਂ ਤੋਂ ਕਾਫ਼ੀ ਪ੍ਰੇਸ਼ਾਨ ਰਹਿ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ। ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਨੇੜੀ ਕਿਸਾਨ ਨੇ ਵੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਿਸਾਨ ਰੋਹੀ ਰਾਮ ਪੁੱਤਰ ਹਰਨੇਕ ਰਾਮ (45) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਗਲ ਫਾਹਾ ਲੈ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਪਿੰਡ ਇਕਾਈ ਝਨੇੜੀ ਦੇ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੇ ਮੈਂਬਰ ਰੋਹੀ ਰਾਮ ਦੇ ਸਿਰ ਕਰੀਬ 8 ਲੱਖ ਰੁਪਏ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਸੀ ਜਿਸ ਦੇ ਚੱਲਦਿਆਂ ਉਹ ਪਿਛਲੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ।