
26 ਜਨਵਰੀ ਦੀ ਪਰੇਡ ਤਾਂ ਕਿਸਾਨ ਹਰ ਹਾਲ ਵਿਚ ਕਰਨਗੇ : ਕਿਸਾਨ ਆਗੂ
ਨਵੀਂ ਦਿੱਲੀ, 10 ਜਨਵਰੀ (ਚਰਨਜੀਤ ਸਿੰਘ ਸੁਰਖ਼ਾਬ) : ਸੁਰਜੀਤ ਸਿੰਘ ਫੂਲ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ 26 ਜਨਵਰੀ ਦੀ ਪਰੇਡ ਕਿਸਾਨ ਹਰ ਹਾਲ ਵਿਚ ਕਰਨਗੇ | ਉਨ੍ਹਾਂ ਕਿਹਾ ਕਿ ਹਰ ਦੇਸ਼ ਦੇ ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਦੇਸ਼ ਦੀ ਰਾਜਧਾਨੀ ਵਿਚ ਜਾ ਕੇ ਅਪਣੇ ਦੁੱਖ ਸੁਣਾ ਸਕਦਾ ਹੈ |
ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ 26 ਨਵੰਬਰ ਨੂੰ ਵੀ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਦੇਸ਼ ਦੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸਰਕਾਰ ਦੀਆਂ ਲਾਈਆਂ ਰੋਕਾਂ ਨੂੰ ਤੋੜ ਕੇ ਦਿੱਲੀ ਬਾਰਡਰਾਂ 'ਤੇ ਪੱਕੇ ਮੋਰਚੇ ਲਾਈ ਬੈਠੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣਾ ਹੁਣ ਸਰਕਾਰ ਦੇ ਵਸ ਵਿਚ ਨਹੀਂ ਰਿਹਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਪਰੇਡ ਦੀ ਤਿਆਰੀ ਲਈ ਪਿੰਡਾਂ, ਸ਼ਹਿਰਾਂ, ਕਸਬਿਆਂ ਵਿਚ ਰਿਹਰਸਲਾਂ ਕਰ ਰਹੇ ਹਨ | ਸੁਰਜੀਤ ਫੂਲ ਨੇ ਕਿਹਾ ਕਿ ਖੱਟੜ ਸਰਕਾਰ ਦੇ ਦਾ ਵਿਰੋਧ ਕਰ ਰਹੇ ਕਿਸਾਨ ਵਧਾਈ ਦੇ ਪਾਤਰ ਹਨ ਕਿਉਾਕਿ ਖੱਟੜ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ਼ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਸੀ | ਇਸੇ ਕਰ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿਤੇ ਗਏ ਸੱਦੇ ਤਹਿਤ ਹਰਿਆਣਾ ਦੇ ਕਿਸਾਨਾਂ ਨੇ ਖੱਟੜ ਦਾ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਰੇ ਆਗੂਆਂ ਦਾ ਵਿਰੋਧ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ 'ਤੇ ਹੀ ਹਰਿਆਣਾ ਦੀ ਖੱਟੜ ਸਰਕਾਰ ਕਿਸਾਨੀ ਸੰਘਰਸ਼ ਵਿਰੁਧ ਅਪਣਾਏ ਗਏ ਹੱਥਕੰਡੇ ਆਪਣਾ ਰਹੀ ਹੈ |image