
ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ 'ਚ ਬਣੇਗੀ ਜਾਂਚ ਕਮੇਟੀ
ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਬਣਾਈਆਂ ਜਾਂਚ ਕਮੇਟੀਆਂ 'ਤੇ ਲੱਗੀ ਰੋਕ
ਨਵੀਂ ਦਿੱਲੀ, 10 ਜਨਵਰੀ : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ 'ਤੇ ਹੋਈ ਸੁਰੱਖਿਆ ਅਣਗਹਿਲੀ ਦੀ ਜਾਂਚ ਲਈ ਕੇਂਦਰ ਅਤੇ ਪੰਜਾਬ ਵਲੋਂ ਗਠਤ ਵੱਖ-ਵੱਖ ਕਮੇਟੀਆਂ 'ਤੇ ਸੋਮਵਾਰ ਨੂੰ ਰੋਕ ਲਗਾ ਦਿਤੀ ਅਤੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ 'ਚ ਉਹ ਇਕ ਕਮੇਟੀ ਗਠਿਤ ਕਰੇਗਾ | ਚੀਫ਼ ਜਸਟਿਸ ਐਨ. ਵੀ. ਰਮੰਨਾ ਨੇ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਪਾਸ ਕੀਤਾ ਜਾਵੇਗਾ | ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.), ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਪੁਲਿਸ ਇੰਸਪੈਕਟਰ ਜਨਰਲ (ਆਈ.ਜੀ.), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਪ੍ਰਸਤਾਵਤ ਕਮੇਟੀ ਦਾ ਹਿੱਸਾ ਹੋ ਸਕਦੇ ਹਨ |
ਉਥੇ ਹੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਵਿਚ ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕਰਨ 'ਤੇ ਸੋਮਵਾਰ ਨੂੰ ਨਾਰਾਜ਼ਗੀ ਜ਼ਾਹਰ ਕੀਤੀ | ਚੀਫ਼ ਜਸਟਿਸ ਐਨ. ਵੀ. ਰਮੰਨਾ ਵਾਲੀ ਬੈਂਚ 'ਚ ਕੇਂਦਰ ਸਰਕਾਰ ਦਾ ਪੱਖ ਰੱਖ ਰਹੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੂੰ ਕਿਹਾ,''ਜੇਕਰ ਤੁਸੀਂ ਸੂਬੇ ਦੇ ਅਧਿਕਾਰੀਆਂ ਵਿਰੁਧ ਅਨੁਸ਼ਾਸਨਾਤਮਕ ਕਾਰਵਾਈ ਕਰਨਾ ਚਾਹੁੰਦੇ ਹੋ ਤਾਂ ਇਸ ਅਦਾਲਤ ਦਾ ਕੀ ਕਰਨਾ ਬਾਕੀ ਹੈ?'' ਜੱਜ ਰਮੰਨਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਸ਼ੁਕਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਸੋਮਵਾਰ 10 ਜਨਵਰੀ ਤਕ ਅਪਣੇ ਵਲੋਂ ਕਿਸੇ ਤਰ੍ਹਾਂ ਦੀ ਜਾਂਚ ਨਾ ਕਰਨ ਦੇ ਨਿਰਦੇਸ਼ ਦਿਤੇ ਸਨ | ਇਸ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿਤੇ ਗਏ ਸਨ |
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਕਿ,''ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਬਲੁ ਬੁਕ ਦੇ ਹਿਸਾਬ ਨਾਲ ਸੁਰੱਖਿਆ ਦੇ ਇੰਤਜ਼ਾਮ ਨਹੀਂ ਕੀਤੇ ਗਏ | ਸੂਬੇ ਦੇ ਡੀਜੀਪੀ ਦੀ ਦੇਖਰੇਖ ਵਿਚ ਰੂਟ 'ਤੇ ਸੁਰੱਖਿਆ ਇੰਤਜ਼ਾਮ
ਕੀਤੇ ਜਾਣੇ ਸਨ, ਪਰ ਇਸ ਵਿਚ ਕੁਤਾਹੀ ਹੋਈ | ਇਸ ਮਾਮਲੇ ਵਿਚ ਪੰਜਾਬ ਦੇ ਅਫ਼ਸਰਾਂ ਨੂੰ ਨੋਟਿਸ ਦਿਤਾ ਗਿਆ ਸੀ, ਪਰ ਸੁਪਰੀਮ ਕੋਰਟ ਦੀ ਰੋਕ ਤੋਂ ਬਾਅਦ ਉਨ੍ਹਾਂ ਉਪਰ ਕੋਈ ਕਾਰਵਾਈ ਨਹੀਂ ਕੀਤੀ ਗਈ |''
ਸੁਪਰੀਮ ਕੋਰਟ 'ਲਾਇਰਜ਼ ਵਾਇਸ' ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ 'ਚ ਅਣਗਹਿਲੀ ਦੀ ਡੂੰਘੀ ਜਾਂਚ ਅਤੇ ਭਵਿੱਖ 'ਚ ਅਜਿਹਾ ਮੁੜ ਨਾ ਹੋਵੇ, ਇਹ ਯਕੀਨੀ ਕਰਨ ਦੀ ਅਪਲੀ ਕੀਤੀ ਗਈ ਹੈ | ਯਾਦ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ 'ਤੇ ਗਏ ਸਨ | ਇਥੇ ਸੜਕ ਰਸਤੇ ਹੁਸੈਨੀਵਾਲਾ ਜਾਂਦੇ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਰਸਤਾ ਰੋਕ ਲਿਆ ਸੀ | ਇਸ ਤੋਂ ਬਾਅਦ ਮੋਦੀ ਦਾ ਕਾਫ਼ਲਾ 20 ਮਿੰਟ ਤਕ ਇਕ ਪੁਲ ਉਪਰ ਖੜਾ ਰਿਹਾ ਸੀ, ਜਿਸ ਤੋਂ ਬਾਅਦ ਉਹ ਬਿਨਾਂ ਰੈਲੀ ਕੀਤੇ ਵਾਪਸ ਚਲੇ ਗਏ ਸਨ | ਇਸ ਨੂੰ ਮੋਦੀ ਦੀ ਸੁਰੱਖਿਆ ਵਿਚ ਵੱਡੀ ਅਣਗਹਿਲੀ ਦਸਿਆ ਜਾ ਰਿਹਾ ਹੈ | (ਪੀਟੀਆਈ)