ਅਦਾਲਤ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਦੀ ਸੁਣਵਾਈ ਦਾ ਸਾਹਮਣਾ ਕਰ ਰਹੇ ਮੁਅੱਤਲ ਆਈਜੀ ਪਰਮਰਾਜ ....
ਫ਼ਰੀਦਕੋਟ- ਅਦਾਲਤ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਦੀ ਸੁਣਵਾਈ ਦਾ ਸਾਹਮਣਾ ਕਰ ਰਹੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਜਿਸ ਤੋਂ ਬਾਅਦ ਹੁਣ ਉਹ ਪਟਿਆਲਾ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਦਰਅਸਲ, ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਹੁਣ ਉਮਰਾਨੰਗਲ ਨੂੰ ਫ਼ਰੀਦਕੋਟ ਅਦਾਲਤ ਤੋਂ ਪੱਕੀ ਜ਼ਮਾਨਤ ਮਿਲ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿਚ ਬਲੈਂਕੇਟ ਬੇਲ ਹਾਸਲ ਹੋ ਗਈ ਸੀ। ਜਿਸ ਵਿਚ ਅਦਾਲਤ ਨੇ ਕਿਹਾ ਸੀ ਕਿ ਪੁਲਿਸ ਨੂੰ ਉਮਰਾਨੰਗਲ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣਾ ਪਵੇਗਾ। ਇਸ ਤਰ੍ਹਾਂ ਹੁਣ ਉਮਰਾਨੰਗਲ ਨੂੰ ਅਦਾਲਤ ਵਲੋਂ ਡਬਲ ਰਾਹਤ ਮਿਲ ਗਈ ਹੈ। ਗੋਲੀਕਾਂਡ ਵਿਚ ਨਾਮਜ਼ਦ ਹੋਣ ਮਗਰੋਂ ਪੰਜਾਬ ਸਰਕਾਰ ਨੇ ਉਮਰਾਨੰਗਲ ਨੂੰ ਇੰਸਪੈਕਟਰ ਜਨਰਲ ਦੇ ਅਹੁਦੇ ਤੋਂ ਮੁਅੱਤਲ ਕਰ ਦਿਤਾ ਸੀ।
ਹਾਲਾਂਕਿ, ਉਸ ਵਿਰੁਧ ਗੋਲੀ ਕਾਂਡ ਦੀ ਜਾਂਚ ਅਜੇ ਖ਼ਤਮ ਨਹੀਂ ਹੋਈ ਹੈ। ਦੱਸ ਦਈਏ ਕਿ ਬੇਅਦਬੀਆਂ ਅਤੇ ਗੋਲੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਨੂੰ ਬੀਤੀ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ 26 ਫਰਵਰੀ ਤਕ ਉਹ ਪੁਲਿਸ ਰਿਮਾਂਡ 'ਤੇ ਰਹੇ। ਇਸ ਤੋਂ ਬਾਅਦ ਉਮਰਾਨੰਗਲ ਨੂੰ 14-14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਰੱਖਿਆ ਗਿਆ। ਪਰ ਹੁਣ ਜਦੋਂ ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਹੋ ਗਈ ਹੈ ਤਾਂ ਉਨ੍ਹਾਂ ਦੇ ਅੱਜ ਸ਼ਾਮ ਤਕ ਹੀ ਜੇਲ੍ਹ ਵਿਚੋਂ ਬਾਹਰ ਆਉਣ ਦੀ ਸੰਭਾਵਨਾ ਹੈ।
 
                    
                