
12 ਮਾਰਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਰਿਹਾ ਕਰੇਗਾ ਕਰਫਿਊ
ਪਟਿਆਲਾ/ਲੁਧਿਆਣਾ : ਪੰਜਾਬ ਅੰਦਰ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਰਾਤ ਦੇ ਕਰਫਿਊ ਦਾ ਐਲਾਨ ਹੋਣ ਲੱਗਾ ਹੈ। ਅੱਜ ਪੰਜਾਬ ਦੇ ਦੋ ਜ਼ਿਲ੍ਹਿਆਂ ਪਟਿਆਲਾ ਅਤੇ ਲੁਧਿਆਣਾ ਵਿਚ ਰਾਤ ਦੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
Corona
ਇਹ ਕਰਫਿਊ 12 ਮਾਰਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਰਿਹਾ ਕਰੇਗਾ। ਅਗਲੇ ਹੁਕਮਾਂ ਤਕ ਪਟਿਆਲਾ ਚ ਰਾਤ ਦਾ ਕਰਫਿਊ ਜਾਰੀ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।
Corona virus
ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ 'ਤੇ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ ਡਵੀਜਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।
Coronavirus
ਇਸੇ ਤਰ੍ਹਾਂ ਦਾ ਹੀ ਐਲਾਨ ਲੁਧਿਆਣਾ ਜ਼ਿਲ੍ਹੇ ਲਈ ਵੀ ਹੋਇਆ ਹੈ। ਖਬਰਾਂ ਮੁਤਾਬਕ ਲੁਧਿਆਣਾ ਜ਼ਿਲ੍ਹੇ ਅੰਦਰ ਵੀ 12 ਮਾਰਚ ਤੋਂ ਰਾਤ 11 ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਇਸ ਦੌਰਾਨ ਮੈਡੀਕਲ ਸਹੂਲਤਾਂ ਤੇ ਹੋਰ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।