
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਕਾਸ਼ਬੀਰ ਸਿੰਘ
Punjab News: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।
ਮ੍ਰਿਤਕ ਦੀ ਪਛਾਣ ਅਕਾਸ਼ਬੀਰ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਤਰ੍ਹਾਂ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਜਾਣ ਨਾਲ ਪਿੱਛੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਉੱਥੇ ਹੀ ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੀ ਮਾਂ ਰਾਜਵਿੰਦਰ ਕੌਰ ਅਤੇ ਭੈਣ ਗੁਰਪ੍ਰੀਤ ਕੌਰ ਨੇ ਦੱਸਿਆ ਕਿ 21 ਸਾਲਾ ਅਕਾਸ਼ਬੀਰ ਸਿੰਘ ਪਿੰਡ ਤੋਂ ਆਪਣੇ ਸਾਥੀਆਂ ਸਮੇਤ ਟਰੈਕਟਰ ਟਰਾਲੀ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਿਆ ਸੀ।
ਪ੍ਰੰਤੂ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਸ਼ਬੀਰ ਸਿੰਘ ਆਪਣੇ ਮਾਮੇ ਦੇ ਲੜਕੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਿਮਾਚਲ ਵਾਲੀ ਸਾਈਡ ਨੂੰ ਜਾ ਰਿਹਾ ਸੀ, ਜਿੱਥੇ ਕਾਰ ਨਾਲ ਹੋਈ ਭਿਆਨਕ ਟੱਕਰ ਵਿੱਚ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਸ ਮੌਕੇ ਪਿੰਡ ਦੇ ਵਸਨੀਕ ਰਣਜੀਤ ਸਿੰਘ ਅਤੇ ਰਿਸ਼ਤੇਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਸ਼ਬੀਰ ਸਿੰਘ ਦੇ ਸਿਰ ’ਤੇ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ। ਉਹਨਾਂ ਕਿਹਾ ਕਿ ਅਕਾਸ਼ਬੀਰ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਜਿਸ ਦਾ ਕਿ ਥੋੜ੍ਹਾ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ ਅਤੇ ਅਕਾਸ਼ਬੀਰ ਸਿੰਘ ਹੀ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਜੋ ਸੜਕ ਹਾਦਸੇ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਪਾਸੋਂ ਗੁਹਾਰ ਲਗਾਈ ਕਿ ਮ੍ਰਿਤਕ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ ।