
ਬੀਤੀ ਰਾਤ ਹੋਈ ਸੀ ਗੋਲੀਬਾਰੀ
ਮੋਹਾਲੀ: ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ ਰਾਤ 5 ਫੇਜ਼ 'ਚ ਹੋਈ ਗੋਲੀਬਾਰੀ ਦੇ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਦੇਰ ਰਾਤ ਮੁਹਾਲੀ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਸੀ। ਮੋਹਾਲੀ ਦੇ ਫੇਜ਼-5 'ਚ ਕਲਿਆਣ ਜਵੈਲਰ ਦੀ ਪਾਰਕਿੰਗ 'ਚ ਕਾਰ 'ਚ ਸਵਾਰ 4-5 ਬਦਮਾਸ਼ਾਂ ਨੇ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਜ਼ਖਮੀ ਹਾਲਤ 'ਚ ਚੰਡੀਗੜ੍ਹ ਦੇ ਪੀ.ਜੀ.ਆਈ. 'ਚ ਦਾਖਲ ਕਰਵਾਇਆ ਗਿਆ ਸੀ। ਇਸ ਸਬੰਧੀ ਫ਼ੋਨ 'ਤੇ ਗੱਲ ਕਰਦਿਆਂ ਮੁਹਾਲੀ ਦੇ ਐਸ.ਐਸ.ਪੀ ਨੇ ਦੱਸਿਆ ਕਿ ਇਹ ਮਾਮਲਾ ਸ਼ਾਇਦ ਸਨੈਚਿੰਗ ਦਾ ਹੈ ਅਤੇ ਅੱਗੇ ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ, ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।