
ਪੱਟੀ: ਬਾਜਵਾ ਨੇ ਪੁੱਛਿਆ ਕਿ ਕੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਕੰਮ ਕਰਨ ਦੇ ਯੋਗ ਨਹੀਂ ਰਿਹਾ?
ਚੰਡੀਗੜ੍ਹ: ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਸਕੂਲੀ ਵਿਦਿਆਰਥੀਆਂ ਦੀਆਂ ਡਿਊਟੀਆਂ ਸਕੂਲਾਂ ਨੇੜੇ ਦੁਕਾਨਾਂ ਦੀ ਚੈਕਿੰਗ ਕਰਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਸਵਾਲ ਕੀਤਾ ਕਿ ਕੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਹੁਣ ਕੰਮ ਕਰਨ ਦੇ ਯੋਗ ਨਹੀਂ ਰਿਹਾ।
ਬਾਜਵਾ ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪੁੱਛਿਆ ਕਿ ਕੀ ਇਹ ਵੀ ਇਸ ਦੀ ਬਹੁਚਰਚਿਤ ਸਿੱਖਿਆ ਕ੍ਰਾਂਤੀ ਦਾ ਹਿੱਸਾ ਹੈ।
ਜ਼ਿਕਰਯੋਗ ਹੈ ਕਿ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਹੁਕਮ ਦਿੱਤੇ ਹਨ ਕਿ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾਣ ਅਤੇ ਉਨ੍ਹਾਂ ਲਈ ਇੱਕ ਨੋਡਲ ਅਧਿਆਪਕ ਨਿਯੁਕਤ ਕੀਤਾ ਜਾਵੇ। ਇਨ੍ਹਾਂ ਵਿਦਿਆਰਥੀਆਂ ਅਤੇ ਨੋਡਲ ਅਧਿਆਪਕਾਂ ਨੂੰ ਸਮੇਂ-ਸਮੇਂ 'ਤੇ ਪਿੰਡਾਂ ਦੇ ਸਕੂਲਾਂ ਦੇ ਨੇੜੇ ਸਾਰੀਆਂ ਦੁਕਾਨਾਂ ਦੀ ਚੈਕਿੰਗ ਕਰਨੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਕਾਨ ਵਿੱਚ ਕੋਈ ਨਸ਼ੀਲਾ ਪਦਾਰਥ ਨਾ ਵੇਚਿਆ ਜਾ ਰਿਹਾ ਹੋਵੇ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਸਵਾਲ ਕੀਤਾ ਕਿ ਕੀ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਨ ਦੀ ਬਜਾਏ ਸੱਚਮੁੱਚ ਅਜਿਹਾ ਹੀ ਕਰਨਾ ਚਾਹੀਦਾ ਹੈ। ਕੀ ਇਹ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ ਹੈ? ਜੇ ਤਲਾਸ਼ੀ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਕੌਣ ਜ਼ਿੰਮੇਵਾਰ ਹੋਵੇਗਾ? 'ਆਪ' ਸਰਕਾਰ ਸਪਸ਼ਟ ਤੌਰ 'ਤੇ ਆਪਣੇ ਹੋਸ਼ ਤੋਂ ਬਾਹਰ ਹੋ ਗਈ ਹੈ। ਨਸ਼ਿਆਂ ਵਿਰੁੱਧ 'ਆਪ' ਦੀ ਜੰਗ ਲੋਕਾਂ ਦਾ ਧਿਆਨ ਭਟਕਾਉਣ ਲਈ ਧੋਖੇਬਾਜ਼ ਚਾਲਾਂ ਤੋਂ ਵੱਧ ਕੁਝ ਨਹੀਂ ਜਾਪਦੀ।
ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ 'ਆਪ' ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਕਿਹਾ ਸੀ ਕਿ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਡਾ ਬੀਆਰ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਕਰਨ ਦੀ ਧਮਕੀ ਦੇ ਮੱਦੇਨਜ਼ਰ 'ਆਪ' ਦੇ ਵਲੰਟੀਅਰ 14 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਡਾ ਅੰਬੇਡਕਰ ਦੇ ਬੁੱਤਾਂ ਦੀ ਰਾਖੀ ਕਰਨਗੇ।
ਬਾਜਵਾ ਨੇ ਕਿਹਾ ਕਿ ਕੀ ਅਮਨ ਅਰੋੜਾ ਪੰਜਾਬ ਪੁਲਿਸ ਨੂੰ ਡਾ. ਬੀ.ਆਰ. ਅੰਬੇਡਕਰ ਦੇ ਬੁੱਤਾਂ ਦੀ ਰਾਖੀ ਕਰਨ ਦੇ ਸਮਰੱਥ ਨਹੀਂ ਮੰਨਦੇ? ਉਨ੍ਹਾਂ ਦੀ ਪਾਰਟੀ ਸੂਬੇ 'ਚ ਸੱਤਾ 'ਚ ਹੈ। ਉਹ ਪੁਲਿਸ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਰੱਖਿਆ ਕਰਨ ਦਾ ਆਦੇਸ਼ ਕਿਉਂ ਨਹੀਂ ਦੇ ਸਕਦੇ? ਜਾਂ ਫਿਰ ਅਜਿਹਾ ਹੈ ਕਿ ਪੁਲਿਸ ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰਦੀ ਹੈ?