
ਸ਼ਾਹਕੋਟ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਕਾਂਗਰਸੀ ਉਮੀਦਵਾਰ ਲਾਡੀ ਨਾਲ ਸ਼ਾਮਲ ਹੋਏ ਮੁੱਖ ਮੰਤਰੀ...
ਸ਼ਾਹਕੋਟ/ਜਲੰਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸ ਦੀਆਂ ਸਕੂਲੀ ਕਿਤਾਬਾਂ ਦੇ ਮਾਮਲੇ 'ਤੇ ਕੂੜ ਪ੍ਰਚਾਰ ਕਰਨ ਵਾਲੇ ਅਕਾਲੀਆਂ 'ਤੇ ਵਰ੍ਹਦਿਆਂ ਸ਼ਾਹਕੋਟ ਦੇ ਲੋਕਾਂ ਨੂੰ ਅਪਣੇ ਇਲਾਕੇ ਤੇ ਸੂਬੇ ਦੀ ਬਿਹਤਰੀ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ।ਅੱਜ ਇਥੇ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਬਾਦਲਾਂ ਦੀ ਅਗਵਾਈ ਵਾਲੇ ਅਕਾਲੀ ਦਲ ਨੇ ਅਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਤੇ ਪੰਜਾਬੀਆਂ ਦੇ ਭਲੇ ਲਈ ਕੱਖ ਵੀ ਨਹੀਂ ਕੀਤਾ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਲੀਡਰ ਸੁਖਪਾਲ ਸਿੰਘ ਖਹਿਰਾ ਲੋਕਾਂ ਦੀ ਭਲਾਈ ਨਾਲ ਜੁੜੇ ਮਸਲੇ ਉਠਾਉਣ ਦੀ ਬਜਾਏ ਝੂਠ-ਦਰ-ਝੂਠ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਸ੍ਰੀ ਲਾਡੀ ਵਲੋਂ ਐਸ.ਡੀ.ਐਮ. ਦੇ ਦਫ਼ਤਰ ਵਿੱਚ ਕਾਗ਼ਜ਼ ਦਾਖ਼ਲ ਕਰਨ ਮੌਕੇ ਉਨ੍ਹਾਂ ਨਾਲ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਆਸ਼ਾ ਕੁਮਾਰੀ ਤੇ ਹਰੀਸ਼ ਚੌਧਰੀ ਤੋਂ ਇਲਾਵਾ ਰਾਣਾ ਗੁਰਜੀਤ ਸਿੰਘ, ਰਾਜਿੰਦਰ ਕੌਰ ਭੱਠਲ ਅਤੇ ਚੌਧਰੀ ਸੰਤੋਖ ਸਿੰਘ ਹਾਜ਼ਰ ਸਨ।
Shahkot Elections
ਇਥੇ ਦਾਣਾ ਮੰਡੀ ਵਿਖੇ ਰੈਲੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਖਹਿਰਾ ਵਾਂਗ ਸਿਰਫ਼ ਗੱਲਾਂ ਮਾਰ ਕੇ ਡੰਗ ਨਹੀਂ ਟਪਾਉਣਗੇ ਪਰ ਉਹ ਸ਼ਾਹਕੋਟ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਦਾ ਭਰੋਸਾ ਦਿੰਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਦੇਵ ਸਿੰਘ ਲਾਡੀ ਨੂੰ ਵੋਟ ਦੇਣ ਦਾ ਮਤਲਬ ਪੰਜਾਬ ਦੇ ਬਿਹਤਰ ਭਵਿੱਖ ਲਈ ਵੋਟ ਦੇਣਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਾਡੀ ਦੀ ਗ੍ਰਿਫ਼ਤਾਰੀ ਦੀ ਕੀਤੀ ਜਾ ਰਹੀ ਮੰਗ 'ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਨੇ ਇਸ ਬਿਆਨ ਨੂੰ ਬੇਤੁੱਕਾ ਆਖ ਕੇ ਰੱਦ ਕਰ ਦਿਤਾ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀਆਂ ਨੂੰ ਪਿਛਲੀ ਵਾਰ ਵੋਟ ਪਾ ਕੇ ਕੀਤੀ ਗ਼ਲਤੀ ਵਿਚ ਸੁਧਾਰ ਲਿਆਉਣ ਵਾਸਤੇ ਉਪ ਚੋਣ ਦੌਰਾਨ ਸ਼ਾਹਕੋਟ ਦੇ ਲੋਕਾਂ ਨੂੰ ਇਕ ਮੌਕਾ ਮਿਲਿਆ ਹੈ। ਉਨ੍ਹਾਂ ਨੇ ਧਰਮ ਦਾ ਸਿਆਸੀਕਰਨ ਕਰਨ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ। ਇਸ ਮੌਕੇ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਂਸਦ ਮੈਂਬਰ ਸੰਤੋਖ ਸਿੰਘ ਹਾਜ਼ਰ ਸਨ।