
ਪਿੰਡ ਠੱਟਾ ਵਿਖੇ ਸਤਾਈਏ ਦੇ ਮੇਲੇ ਮੌਕੇ ਕਾਨਫ਼ਰੰਸ
ਕਪੂਰਥਲਾ, 10 ਮਈ (ਰੀਨਾ ਕਨੌਜੀਆ): ਪੰਜਾਬ ਨੂੰ ਮੁੜ ਪਹਿਲਾਂ ਵਾਂਗ ਖ਼ੁਸ਼ਹਾਲ ਸੂਬਾ ਬਣਾਉਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਜੇਲਾਂ ਅਤੇ ਸਹਿਕਾਰਤਾ ਵਿਭਾਗ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸ਼ਹੀਦੀ ਦਿਹਾੜੇ 'ਤੇ ਸੁਲਤਾਨਪੁਰ ਹਲਕੇ ਦੇ ਪਿੰਡ ਠੱਟਾ ਵਿਖੇ ਸਤਾਈਏ ਦੇ ਮੇਲੇ ਮੌਕੇ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਹਲਕਾ ਵਿਧਾਇਕ ਖੰਨਾ ਸ. ਗੁਰਕੀਰਤ ਸਿੰਘ ਕੋਟਲੀ, ਹਲਕਾ ਵਿਧਾਇਕ ਅਜਨਾਲਾ ਸ. ਹਰਪ੍ਰਤਾਪ ਸਿੰੰਘ ਅਜਨਾਲਾ, ਹਲਕਾ ਵਿਧਾਇਕ ਗੁਰਦਾਸਪੁਰ ਸ. ਵਰਿੰਦਰਜੀਤ ਸਿੰਘ ਪਾਹੜਾ ਤੋਂ ਇਲਾਵਾ ਹੋਰ ਉੱਘੇ ਆਗੂ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਅਪਣੇ ਵਿਚਾਰ ਸਾਂਝੇ ਕੀਤੇ।
Sukhjinder Singh Randhawa
ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਮੁੱਖ ਮਕਸਦ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ ਤੇ ਵਧੀਆ ਪ੍ਰਸ਼ਾਸਨ ਮੁਹਈਆ ਕਰਵਾਉਣਾ ਅਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਸ. ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਅਹਿਮ ਵਿਭਾਗ ਸੌਂਪੇ ਗਏ ਹਨ, ਜਿਨ੍ਹਾਂ ਵਿਚ ਵੱਡੇ ਸੁਧਾਰ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਜੇਲ੍ਹ ਦੀ ਤਰ੍ਹਾਂ ਸੂਬੇ ਦੀਆਂ ਸਾਰੀਆਂ ਜੇਲਾਂ ਵਿਚ ਹੁਨਰ ਵਿਕਾਸ ਕੇਂਦਰ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਲਾਂ ਅੰਦਰ ਸਟਾਫ਼ ਦੀ ਘਾਟ ਨੂੰ ਇਕ ਸਾਲ ਅੰਦਰ ਪੂਰਾ ਕਰ ਦਿਤਾ ਜਾਵੇਗਾ। ਇਸ ਮੌਕੇ ਉਨ੍ਹਾਂ ਅਪਣੇ ਅਖਤਿਆਰੀ ਫ਼ੰਡ ਵਿਚੋਂ ਸੁਲਤਾਨਪੁਰ ਲੋਧੀ ਹਲਕੇ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਸੰਗਤਾਂ ਦਾ ਧਨਵਾਦ ਕੀਤਾ।