
ਪਾਤਰ ਦੀ ਮੌਤ ਤੋਂ ਬਾਅਦ ਸਮੁੱਚੇ ਪੰਜਾਬੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ।
Surjit Patar: ਪੰਜਾਬ ਦੇ ਪ੍ਰਸਿੱਧ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਲੁਧਿਆਣਾ ਵਿਖੇ ਆਖਰੀ ਸਾਹ ਲਿਆ। ਪਾਤਰ ਦੀ ਮੌਤ ਤੋਂ ਬਾਅਦ ਸਮੁੱਚੇ ਪੰਜਾਬੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ।
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤਪਾਲ ਸਿੰਘ ਗਿੱਲ ਨੇ ਦਸਿਆ ਕਿ ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ 13 ਮਈ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਸੰਸਕਾਰ ਵਿਚ ਸ਼ਾਮਲ ਹੋ ਸਕਦੇ ਹਨ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 2012 ਵਿਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ। ਪਾਤਰ ਨੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਸਮਰਥਨ ਵਿਚ ਪਦਮਸ਼੍ਰੀ ਵਾਪਸ ਕਰਨ ਦਾ ਐਲਾਨ ਵੀ ਕੀਤਾ ਸੀ।
ਲੇਖਕ ਅਤੇ ਵਕੀਲ ਹਰਪ੍ਰੀਤ ਸਿੰਘ ਸੰਧੂ ਨੇ ਮੀਡੀਆ ਨੂੰ ਦਸਿਆ ਕਿ ਸੁਰਜੀਤ ਪਾਤਰ ਦੀ ਪਤਨੀ ਭੁਪਿੰਦਰ ਕੌਰ ਦਾ 7.02 ਵਜੇ ਦੇ ਕਰੀਬ ਫ਼ੋਨ ਆਇਆ ਕਿ ਪਾਤਰ ਕੋਈ ਹਿਲਜੁਲ ਨਹੀਂ ਕਰ ਰਹੇ। ਉਹ ਤੁਰੰਤ ਉਨ੍ਹਾਂ ਦੇ ਘਰ ਪਹੁੰਚੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਜਿਥੇ ਲਿਜਾਂਦੇ ਹੀ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਦੇ ਆਗੂਆਂ ਨੇ ਪਾਤਰ ਨੂੰ ਸ਼ਰਧਾਂਜਲੀ ਦਿਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪਾਤਰ ਅਪਣੀ ਪਤਨੀ ਨਾਲ ਲੁਧਿਆਣਾ ਵਿਚ ਰਹਿੰਦੇ ਸਨ। ਉਨ੍ਹਾਂ ਦੇ ਪੁੱਤਰ ਮਨਰਾਜ ਪਾਤਰ ਅਤੇ ਅੰਕੁਰ ਪਾਤਰ ਆਸਟ੍ਰੇਲੀਆ ਵਿਚ ਰਹਿੰਦੇ ਹਨ। ਉਨ੍ਹਾਂ ਨੂੰ ਪਿਤਾ ਦੀ ਮੌਤ ਦੀ ਸੂਚਨਾ ਦੇ ਦਿਤੀ ਗਈ ਹੈ। ਹੁਣ ਉਨ੍ਹਾਂ ਦੇ ਭਾਰਤ ਪਰਤਣ 'ਤੇ ਪਾਤਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਦੱਸ ਦੇਈਏ ਕਿ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ (ਅੰਮ੍ਰਿਤਸਰ) ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।
ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰ ਵਿਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ। ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਤੋਂ ਇਲਾਵਾ 1979 ਵਿਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿਚ ਸਾਹਿਤ ਅਕਾਦਮੀ ਅਵਾਰਡ, 1999 ਵਿਚ ਪੰਚਾਨੰਦ ਅਵਾਰਡ, 2007 ਵਿਚ ਅਨਦ ਕਾਵਯ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।