
'ਹਾਂ ਮੈਂ ਫ਼ਾਇਲਾਂ 'ਤੇ ਸਾਈਨ ਕੀਤੇ ਸਨ, ਕੋਈ ਗੁਨਾਹ ਨਹੀਂ ਕੀਤਾ, ਮੈਂ ਇਕ ਪੈਸੇ ਦੀ ਵੀ ਠੱਗੀ ਨਹੀਂ ਮਾਰੀ'
ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ 28 ਕਰੋੜ ਰੁਪਏ ਦਾ ਘਪਲਾ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਸੰਗਰੂਰ ਜ਼ਿਮਨੀ ਚੋਣ ਦੇ ਚਲਦਿਆਂ ਕਾਂਗਰਸ ਨੂੰ ਅਜਿਹੇ ਇਲਜ਼ਾਮ ਲਾਗ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਜਵਾ ਨੇ ਕਿਹਾ ਕਿ ਮੈਂ ਫ਼ਾਇਲਾਂ 'ਤੇ ਸਾਈਨ ਕੀਤੇ ਸਨ, ਕੋਈ ਗੁਨਾਹ ਨਹੀਂ ਕੀਤਾ, ਮੈਂ ਇਕ ਪੈਸੇ ਦੀ ਵੀ ਠੱਗੀ ਨਹੀਂ ਮਾਰੀ।
ਸਾਬਕਾ ਕੈਬਨਿਟ ਮੰਤਰੀ ਨੇ ਪੰਚਾਇਤ ਮੰਤਰੀ ਨੂੰ ਕਿਹਾ ਕਿ ਇਸ ਦੀ ਜਾਂਚ ਅਪਣੇ ਵਿਭਾਗ ਦੀ ਕਮੇਟੀ ਕੋਲੋਂ ਨਾ ਕਰਵਾਈ ਜਾਵੇ ਸਗੋਂ ਇਸ ਮਾਮਲੇ ਦੀ ਜਾਂਚ ਮੌਜੂਦਾ ਜਾਂ ਸੇਵਾਮੁਕਤ ਜੱਜ ਪਾਸੋਂ ਕਰਵਾਉਣ ਕਰਵਾਈ ਜਾਵੇ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਹ ਇਸ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਦੱਸ ਦੇਈਏ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਚੋਣ ਜ਼ਾਬਤਾ ਲੱਗਿਆ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੀ ਸੀ। ਉਸ ਸਮੇਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ।
ਉਹਨਾਂ ਕਿਹਾ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼ਰੇਆਮ ਕਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਰਸਤਿਆਂ ਅਤੇ ਖਾਲਾਂ ਦੀ ਪ੍ਰਵਾਨਗੀ ਕੇਵਲ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਰੀ ਕਰ ਦਿੱਤੇ, ਜਦਕਿ ਇਸਦੀ ਮਾਰਕੀਟ ਰੇਟ 7.5 ਕਰੋੜ ਰੁਪਏ ਪ੍ਰਤੀ ਏਕੜ ਸੀ। ਉਹਨਾਂ ਦੱਸਿਆ ਕਿ ਰਸਤਿਆਂ ਅਤੇ ਖਾਲਿਆਂ ਦਾ ਕੁੱਲ ਰਕਬਾ 32 ਕਨਾਲ 16 ਮਰਲੇ ਬਣਦਾ ਸੀ ਅਤੇ ਇਸ ਤਰ੍ਹਾਂ ਕਰਨ ਨਾਲ ਸਰਕਾਰ ਨੂੰ 28 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।